ਚੰਡੀਗੜ੍ਹ: ਪੰਜਾਬ ਦੇ ਕਾਲੇ ਦੌਰ ਦੌਰਾਨ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿਖੀਵਿੰਡ ਦਾ 16 ਅਕਤੂਬਰ ਨੂੰ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਇਸ ਕਤਲ ਦੀ ਵਾਰਦਾਤ ਦੀ ਜਾਂਲ ਲਈ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਉਪਰ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨ ਲਈ ਫਿਰੋਜ਼ਪੁਰ ਦੇ ਡੀ.ਆਈ.ਜੀ. ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ।
ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਆਈ.ਟੀ. ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੋ ਵੀ ਕਤਲ ਦਾ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।