ਚੰਡੀਗੜ੍ਹ: ਪੰਜਾਬ ਵਿੱਚ ਬਹੁਤ ਸਾਰੇ ਇਲਾਕੇ ਹੜ੍ਹ ਦੀ ਲਪੇਟ ਚ ਆਏ ਹੋਏ ਹਨ। ਲੋਕਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਅਤੇ ਹੋਰ ਵੀ ਕਾਫ਼ੀ ਨੁਕਸਾਨ ਹੋਇਆ ਹੈ। ਇਸ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫ਼ਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਪਿੰਡਾਂ ਦੇ ਪੀੜਤ ਕਿਸਾਨਾਂ ਦੇ ਬੈਂਕਾਂ/ਵਿੱਤ ਸੰਸਥਾਵਾਂ ਤੋਂ ਲਏ ਫ਼ਸਲੀ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ 1958 ਤੋਂ ਬਾਅਦ ਹੁਣ ਭਾਖੜਾ ਡੈਮ ਵਿੱਚੋਂ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਗਿਆ ਜਿਸ ਨਾਲ ਖੜ੍ਹੀਆਂ ਫ਼ਸਲਾਂ ਦਾ ਨੁਕਸਾਨ ਹੋ ਗਿਆ ਅਤੇ ਪੇਂਡੂ ਰਿਹਾਇਸ਼ੀ ਖੇਤਰ ਬੁਰੀ ਤਰਾਂ ਪ੍ਰਭਾਵਿਤ ਹੋਏ। ਮੁੱਢਲੇ ਅਨੁਮਾਨਾਂ ਅਨੁਸਾਰ ਇਨ੍ਹਾਂ ਹੜ੍ਹਾਂ ਕਾਰਨ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਐਲਾਨੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਫੌਜ ਵੱਲੋਂ ਵੀ ਜ਼ਰੂਰੀ ਮੱਦਦ ਲਈ ਜਾ ਰਹੀ ਹੈ। ਉਨਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਆਏ ਹੜਾਂ ਕਾਰਨ ਕਈ ਥਾਵਾਂ ਖਾਸ ਕਰ ਕੇ ਰੋਪੜ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਜ਼ਿਲਿਆਂ ਦੇ 100 ਤੋਂ ਵੱਧ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਫਸਲਾਂ ਬਰਬਾਦ ਹੋਈਆ ਹਨ ਅਤੇ ਘਰਾਂ ਦੇ ਨਾਲ-ਨਾਲ ਕਈ ਥਾਵਾਂ ਉਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦਾ ਬੁਨਿਆਦੀ ਢਾਂਚਾ ਵੀ ਬਹੁਤ ਨੁਕਸਾਨਿਆ ਗਿਆ ਹੈ।