ਚੰਡੀਗੜ੍ਹ:ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਿਸਟਮ ਨੂੰ ਸੁਧਾਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਨੂੰ ਲੈਕੇ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਇੰਨ੍ਹਾਂ ਫੈਸਲਿਆਂ ਨੂੰ ਲੈਕੇ ਵਿਰੋਧੀ ਪਾਰਟੀਆਂ ਮਾਨ ਸਰਕਾਰ ਉੱਪਰ ਹਮਲਾਵਰ ਹੁੰਦੀਆਂ ਵਿਖਾਈ ਦੇ ਰਹੀਆਂ ਹਨ।
ਕਾਂਗਰਸ ਦਾ ਮਾਨ ਸਰਕਾਰ ਖਿਲਾਫ਼ ਮੋਰਚਾ: ਪੰਜਾਬ ਕਾਂਗਰਸ ਵੱਲੋਂ ਭਗਵੰਤ ਮਾਨ ਸਰਕਾਰ ਦੇ ਫੈਸਲਿਆਂ ਖਿਲਾਫ਼ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਅਗਵਾਈ ਵਿੱਚ ਕਾਂਗਰਸ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਹੈ। ਮੁਲਕਾਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ ਹੈ। ਮੰਗ ਪੱਤਰ ਦੇਣ ਸਬੰਧੀ ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਮਸਲਿਆਂ ਨੂੰ ਲੈਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਹੈ।
ਦੋ ਮੁੱਖ ਮਸਲਿਆਂ ਨੂੰ ਲੈਕੇ ਰਾਜਪਾਲ ਨੂੰ ਮਿਲਿਆ ਵਫਦ: ਉਨ੍ਹਾਂ ਦੱਸਿਆ ਪੰਜਾਬ ਦੇ 2 ਮੁੱਖ ਮਸਲਿਆਂ ਨੂੰ ਲੈਕੇ ਉਹ ਰਾਜਪਾਲ ਨੂੰ ਮਿਲੇ ਹਨ। ਵੜਿੰਗ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਜੋ ਦਿੱਲੀ ਦੇ ਨਾਲ ਨਾਲੇਜ ਸ਼ੇਅਰਿੰਗ ਨੂੰ ਲੈਕੇ ਜੋ ਸਮਝੌਤਾ ਕੀਤਾ ਗਿਆ ਹੈ ਉਹ ਸੰਵਿਧਾਨ ਦੀ ਸ਼ਰੇਆਮ ਉਲੰਘਣਾ ਹੈ। ਕਾਂਗਰਸ ਪ੍ਰਧਾਨ ਨੇ ਦੱਸਿਆ ਕਿ ਅਜਿਹਾ ਸਮਝੌਤਾ ਦੋ ਮੁੱਖ ਮੰਤਰੀਆਂ ਵਿਚਕਾਰ ਹੋ ਹੀ ਨਹੀਂ ਸਕਦਾ ਹੈ ਜਿਸਨੂੰ ਲੈਕੇ ਉਹ ਰਾਜਪਾਲ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਇਸ ਸਬੰਦੀ ਦੱਸਿਆ ਗਿਆ ਹੈ। ਵੜਿੰਗ ਨੇ ਦੱਸਿਆ ਕਿ ਉਨ੍ਹਾਂ ਮੰਗ ਪੱਤਰ ਸੌਂਪਦੇ ਹੋਏ ਦਿੱਲੀ ਤੇ ਪੰਜਾਬ ਦੇ ਮੁੱਖ ਮੰਤਰੀ ਵਿਚਾਲੇ ਹੋਏ ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਰਾਜਾ ਵੜਿੰਗ ਦੇ ਮਾਨ ਸਰਕਾਰ ’ਤੇ ਸਵਾਲ: ਇਸਦੇ ਨਾਲ ਹੀ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਰ੍ਹਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਮਹਿਸੂਸ ਕਰ ਰਹੇ ਹਨ ਕਿ ਜਿਵੇਂ ਉਨ੍ਹਾਂ ਨੂੰ ਦਿੱਲੀ ਵਾਲਿਆਂ ਨੂੰ ਠੇਕੇ ਉੱਪਰ ਦੇ ਦਿੱਤਾ ਗਿਆ ਹੈ। ਇਸ ਲਈ ਇਸ ਸਮਝੌਤੇ ਦਾ ਪੂਰੇ ਵਿੱਚ ਵਿਰੋਧ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਤਰ੍ਹਾਂ ਦੇ ਕਿਸੇ ਸਮਝੌਤੇ ਦੀ ਜ਼ਰੂਰਤ ਨਹੀਂ ਸੀ। ਵੜਿੰਗ ਨੇ ਕਿਹਾ ਕਿ ਪੰਜਾਬ ਦੇ ਆਪਣੇ ਮਸਲੇ ਹਨ ਕਿਉਂਕਿ ਪੰਜਾਬ ਇੱਕ ਬਾਰਡਰ ਸਟੇਟ ਹੈ। ਇਸਦਾ ਪਾਣੀਆਂ, ਪ੍ਰਦੂਸ਼ਣ ਦਾ ਮਸਲਾ ਹੈ। ਉਨ੍ਹਾਂ ਕੇਜਰੀਵਾਲ ਉੱਪਰ ਸਵਾਲ ਚੁੱਕਦਿਆਂ ਕਿਹਾ ਕਿ ਕੇਜਰੀਵਾਲ ਕਹਿੰਦੇ ਹਨ ਕਿ ਜੋ ਪ੍ਰਦੂਸ਼ਣ ਦਿੱਲੀ ਵਿੱਚ ਆਉਂਦਾ ਹੈ ਉਹ ਪੰਜਾਬ ਤੋਂ ਆਉਂਦਾ ਹੈ।