ਚੰਡੀਗੜ੍ਹ: ਸੂਬੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐਸ.ਡੀ.ਪੀ. ਦਾ 2 ਫ਼ੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈਆਂ ਸ਼ਰਤਾਂ ਵਿੱਚੋਂ ਇੱਕ ਸ਼ਰਤ ਨੂੰ ਪੂਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਵੀਰਵਾਰ ਨੂੰ ਪੰਜਾਬ ਕੰਟਰੈਕਟ ਲੇਬਰ (ਰੈਗੂਲੇਸ਼ਨ ਐਂਡ ਐਬੌਲਿਸ਼ਨ) ਰੂਲਜ਼, 1973 ਦੇ ਨਿਯਮ 29 ਵਿੱਚ ਸੋਧ ਕਰਨ ਅਤੇ ਨਵਾਂ ਨਿਯਮ 78-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ।
ਨਵਾਂ ਨਿਯਮ 78-ਏ ਉਦਯੋਗਾਂ ਦੇ ਪਾਲਣਾ ਕਰਨ ਦੇ ਬੋਝ ਨੂੰ ਘਟਾਉਣ ਲਈ ਇਲੈਕਟ੍ਰਾਨਿਕ/ਡਿਜੀਟਲ ਫਾਰਮੈਟ ਵਿੱਚ ਰਜਿਸਟਰਾਂ ਨੂੰ ਬਣਾਈ ਰੱਖਣ ਦੀ ਪ੍ਰਵਾਨਗੀ ਦੇਵੇਗਾ। ਇਹ ਨਿਯਮ ਉਦਯੋਗਾਂ ਦੀ ਮੰਗ ਅਨੁਸਾਰ ਸ਼ਾਮਲ ਕੀਤਾ ਗਿਆ ਹੈ।
ਇਹ ਨਿਵੇਸ਼ ਪੱਖੀ ਪਹਿਲਕਦਮੀ ਰਿਕਾਰਡ ਦੇ ਡਿਜਟਾਈਜੇਸ਼ਨ ਨੂੰ ਹੁਲਾਰਾ ਦੇਣ ਦੇ ਨਾਲ ਪਾਰਦਰਸ਼ਤਾ ਅਤੇ ਰਿਕਾਰਡ ਤੱਕ ਸੁਖਾਲੀ ਪਹੁੰਚ ਬਣਾਈ ਰੱਖਣ ਵਿੱਚ ਮੱਦਦ ਕਰੇਗਾ, ਜਿਸ ਨਾਲ ਨਾ ਸਿਰਫ ਭਾਰਤ ਸਰਕਾਰ ਦੀਆਂ ਜ਼ਰੂਰਤਾਂ ਦੀ ਪਾਲਣਾ ਹੋਵੇਗੀ ਬਲਕਿ ਸੂਬੇ ਵਿੱਚ ਵਾਤਾਵਰਣ ਪੱਖੀ ਮਾਹੌਲ ਰਾਹੀਂ ਵੱਡੇ ਨਿਵੇਸ਼ਾਂ ਨੂੰ ਵੀ ਖਿੱਚੇਗੀ।
ਭਾਰਤ ਸਰਕਾਰ ਦੇ ਵਿੱਤ ਮੰਤਰਾਲੇ (ਖਰਚਾ ਵਿਭਾਗ) ਵੱਲੋਂ 17 ਮਈ 2020 ਨੂੰ ਜੀ.ਐਸ.ਡੀ.ਪੀ. ਦਾ 2 ਫ਼ੀਸਦੀ ਵਾਧੂ ਉਧਾਰ ਲੈਣ ਸਬੰਧੀ ਹਦਾਇਤਾਂ ਹਾਸਲ ਹੋਈਆਂ ਸਨ ਜਿਸ ਵਿੱਚ ਇਹ 2 ਫ਼ੀਸਦੀ ਵਾਧੂ ਉਧਾਰ ਲੈਣ ਲਈ ਕੁਝ ਸ਼ਰਤਾਂ ਲਗਾਈਆਂ ਸਨ। ਇਕ ਸ਼ਰਤ ਕਿਰਤ ਕਾਨੂੰਨਾਂ ਰਾਹੀਂ ਆਪਣੇ ਆਪ ਨਵਿਆਉਣ ਦੀ ਸੀ। ਮੌਜੂਦਾ ਸਮੇਂ ਪੰਜਾਬ ਕੰਟਰੈਕਟ ਲੇਬਰ (ਰੈਗੂਲੇਸ਼ਨ ਐਂਡ ਐਬੌਲਿਸ਼ਨ) ਰੂਲਜ਼, 1973 ਨਿਯਮ ਅਧੀਨ ਲਾਇਸੈਂਸ ਆਪਣੇ ਆਪ ਨਵਿਆਉਣ ਦਾ ਕੋਈ ਉਪਬੰਧ ਨਹੀਂ ਸੀ। ਕੈਬਨਿਟ ਨੇ ਮਹਿਸੂਸ ਕੀਤਾ ਕਿ ਉਦਯੋਗਾਂ ਨੂੰ ਸਹੂਲਤ ਦੇਣ ਲਈ ਆਪਣੇ ਆਪ ਨਵਿਆਉਣ ਦੇ ਉਪਬੰਧ ਵਾਸਤੇ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ।