ਚੰਡੀਗੜ੍ਹ: ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਕੋਵਿਡ ਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲਬਧ ਹਨ ਅਤੇ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਂਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜ਼ਾਨਾ ਔਸਤਨ 25 ਕੇਸ ਆ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੋਈ ਮਰੀਜ਼ ਗੰਭੀਰ ਹਾਲਤ ਵਿੱਚ ਨਹੀਂ ਹੈ ਅਤੇ ਨਾ ਹੀ ਕੋਈ ਮਰੀਜ਼ ਆਈ.ਸੀ.ਯੂ. ਵਿੱਚ ਭਰਤੀ ਹੈ ਅਤੇ ਸੂਬੇ ਵਿੱਚ ਲੈਵਲ ਦੋ ਦੇ ਸਿਰਫ਼ 6 ਕੇਸ ਹਨ।