ਚੰਡੀਗੜ੍ਹ: ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਸਖਤਾਈ ਕੀਤੀ ਜਾ ਰਹੀ ਹੈ ਤਾਂ ਕਿ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾ ਸਕੇ। ਪਿਛਲੇ ਦਿਨ੍ਹਾਂ ਵਿੱਚ ਪੰਜਾਬ ਪੁਲਿਸ ਵੱਡੀ ਪੱਧਰ ’ਤੇ ਨਸ਼ਾ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਆਈਜੀਪੀ ਸੁਖਚੈਨ ਸਿੰਘ ਗਿੱਲ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਹਫਤੇ ਅੰਦਰ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਸੂਬਿਆਂ ਦੀ ਪੁਲਿਸ ਦੀ ਮਦਦ ਨਾਲ 155 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ।
ਇਸ ਤੋਂ ਬਾਅਦ ਸਰਕਾਰ ਵੱਲੋਂ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਕੇਂਦਰੀ ਜੇਲ੍ਹਾਂ ਵਿੱਚ ਨਸ਼ੇ ਨੂੰ ਰੋਕਣ ਲਈ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਡੋਪ ਟੈਸਟ ਲੈਣ ਦਾ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ ਕਈ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕੀਤੇ ਵੀ ਜਾ ਚੁੱਕੇ ਹਨ। ਇਸ ਦੌਰਾਨ ਨਾਭਾ, ਮਾਨਸਾ, ਬਰਨਾਲਾ, ਅੰਮ੍ਰਿਤਸਰ, ਮਲੇਰਕੋਟਲਾ, ਫਾਜ਼ਿਲਕਾ, ਹੁਸ਼ਿਆਰਪੁਰ ਦੀਆਂ ਜੇਲ੍ਹਾਂ ਵਿੱਚ ਡੋਪ ਟੈਸਟ ਕੀਤੇ ਜਾ ਚੁੱਕੇ ਹਨ।
ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ ਕਿ ਉਨ੍ਹਾਂ ਵਿੱਚ ਕਿੰਨ੍ਹੇ ਲੋਕਾਂ ਦੇ ਟੈਸਟ ਪਾਜ਼ੀਟਿਵ ਆਏ ਹਨ ਅਤੇ ਕਿੰਨ੍ਹਿਆਂ ਦੇ ਨੈਗੇਟਿਵ ਆਏ ਹਨ। ਡੋਪ ਟੈਸਟ ਕਰਵਾਉਣ ਦੀ ਪੁਸ਼ਟੀ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਹ ਨਸ਼ਾ ਕਰਨ ਦੇ ਆਦੀ ਹਨ ਉਨ੍ਹਾਂ ਨੂੰ ਵਾਪਸ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ।