ਪੰਜਾਬ

punjab

ETV Bharat / city

ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਸਖ਼ਤ ਕਦਮ

ਦੇਸ਼ ਵਿੱਚ ਕੋਵਿਡ-19 ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਮੰਤਰੀ ਸਮੂਹ ਨੇ ਗੰਭੀਰ ਨੋਟਿਸ ਜਾਰੀ ਕੀਤਾ ਹੈ। ਮੰਤਰੀ ਸਮੂਹ ਨੇ ਆਮ ਜਨਤਾ ਨੂੰ ਬਿਨਾਂ ਕਿਸੇ ਐਮਰਜੈਂਸੀ ਦੇ ਘਰਾਂ ਤੋਂ ਬਾਹਰ ਜਾਣ ਤੋਂ ਰੋਕਣ ਲਈ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

ਫ਼ੋਟੋ
ਫ਼ੋਟੋ

By

Published : Mar 19, 2020, 10:41 PM IST

ਚੰਡੀਗੜ੍ਹ: ਦੇਸ਼ ਵਿੱਚ ਕੋਵਿਡ-19 ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਮੰਤਰੀ ਸਮੂਹ ਨੇ ਗੰਭੀਰ ਨੋਟਿਸ ਜਾਰੀ ਕੀਤਾ ਹੈ। ਮੰਤਰੀ ਸਮੂਹ ਨੇ ਆਮ ਜਨਤਾਂ ਨੂੰ ਬਿਨਾਂ ਕਿਸੇ ਐਮਰਜੈਂਸੀ ਦੇ ਘਰਾਂ ਤੋਂ ਬਾਹਰ ਜਾਣ ਤੋਂ ਰੋਕਣ ਲਈ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

ਜਾਣਕਾਰੀ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੂਬੇ ਵਿੱਚ ਸ਼ੱਕੀ ਮਾਮਲਿਆਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ, ਮੰਤਰੀ ਸਮੂਹ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਇਹ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੰਤਰੀ ਸਮੂਹ ਨੇ ਫੈਸਲਾ ਲਿਆ ਕਿ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਨ ਦਾ ਸਮਾਂ ਲੰਘ ਚੁੱਕਾ ਹੈ ਅਤੇ ਹੁਣ ਸਖ਼ਤ ਕਦਮ ਚੁੱਕਣ ਦਾ ਸਮਾਂ ਹੈ। ਇਸ ਦੌਰਾਨ ਮੰਤਰੀ ਸਮੂਹ ਨੇ ਫੈਸਲਾ ਕੀਤਾ ਕਿ ਲੋਕਾਂ ਨੂੰ ਬਿਨ੍ਹਾਂ ਕਿਸੇ ਐਮਰਜੈਂਸੀ ਤੋਂ ਘਰਾਂ ਤੋਂ ਬਾਹਰ ਨਿਕਲਣ ਤੋਂ ਰੋਕਣਾ ਸਖ਼ਤ ਜ਼ਰੂਰੀ ਹੈ। ਇਸ ਲਈ ਮੰਤਰੀ ਸਮੂਹ ਨੇ 20 ਮਾਰਚ ਦੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ ਦੀ ਆਵਾਜਾਈ (ਸਾਰਕਾਰੀ ਤੇ ਪ੍ਰਾਈਵੇਟ ਬੱਸਾਂ) 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ ਪਰ ਟੈਕਸੀ ਅਤੇ ਸਾਇਕਲ ਰਿਕਸ਼ਾ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।

ਮੰਤਰੀ ਸਮੂਹ ਵੱਲੋਂ ਇੱਕ ਹੋਰ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਕਿ ਜਿਸ ਵਿੱਚ ਵੱਖ-ਵੱਖ ਸਰਕਾਰੀ/ਪ੍ਰਾਈਵੇਟ ਹਸਪਤਾਲਾਂ ਅਤੇ ਮੈਡੀਕਲ ਅਦਾਰਿਆਂ ਵਿੱਚ ਨਿਰਧਾਰਤ ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਿੱਚ ਵਾਧਾ ਕਰਨਾ ਅਤੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲੱਬਧਤਾ ਅਤੇ ਦਵਾਈਆਂ ਦੇ ਢੁਕਵੇਂ ਸਟਾਕ ਦੀ ਉਪਲੱਬਧਤਾ ਨੂੰ ਯਕੀਨੀ ਬਣਾ ਕੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।

ਮੰਤਰੀ ਸਮੂਹ ਨੇ ਸਾਰੇ ਡੈਂਟਲ ਕਾਲਜਾਂ ਅਤੇ ਹਸਪਤਾਲਾਂ ਨੂੰ 31 ਮਾਰਚ ਤੱਕ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੈਡੀਕਲ ਕਾਲਜਾਂ ਵਿੱਚ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਜਦਕਿ ਤੀਜੇ ਅਤੇ ਚੌਥੇ ਸਾਲ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ। ਸੀ.ਬੀ.ਐਸ.ਸੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੇਖਦਿਆਂ ਮੰਤਰੀ ਸਮੂਹ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਰੀਆਂ ਬੋਰਡ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਪ੍ਰਵਾਸੀ ਭਾਰਤੀ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਨਜ਼ਰ ਰੱਖਣ ਅਤੇ ਉਨ੍ਹਾਂ ਬਾਰੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਨ ਤਾਂ ਜੋ ਲੋਕਾਂ ਦੀ ਸੁਰੱਖਿਆ ਹਿੱਤ ਉਹਨਾਂ ਨੂੰ ਨਿਗਰਾਨੀ ਹੇਠ ਰੱਖਿਆ ਜਾ ਸਕੇ।

ABOUT THE AUTHOR

...view details