ਚੰਡੀਗੜ੍ਹ: ਪੰਜਾਬ 'ਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਦੇ ਖੇਡ ਵਿੰਗਾਂ ਵਿੱਚ ਸਿਖਲਾਈ ਲੈ ਰਹੇ ਖਿਡਾਰੀਆਂ ਨੂੰ ਹਰੇਕ ਸਹੂਲਤ ਦੇਣ ਅਤੇ ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਬਿਹਤਰ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਖੇਡ ਮੰਤਰੀ ਨੇ ਦੱਸਿਆ ਕਿ ਸਮੂਹ 22 ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਕੁੱਲ 167 ਵਿੰਗ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਖਿਡਾਰੀਆਂ ਦੇ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 2019-20 ਦੇ ਸ਼ੈਸ਼ਨ ਲਈ ਇਨ੍ਹਾਂ ਵਿੰਗਾਂ ਵਿੱਚ 2830 ਵਿਦਿਆਰਥੀ/ਖਿਡਾਰੀਆਂ ਦੇ ਦਾਖ਼ਲੇ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾ ਕਿਹਾ ਕਿ ਖਿਡਾਰੀਆਂ ਨੂੰ ਪੌਸ਼ਟਿਕ ਅਤੇ ਮਿਆਰੀ ਆਹਾਰ ਦੇਣ ਲਈ ਇੱਕ ਕਮੇਟੀ ਬਣਾਈ ਗਈ ਹੈ ਜਿਸ 'ਚ ਸਬੰਧਤ ਜ਼ਿਲ੍ਹਾ ਖੇਡ ਅਫ਼ਸਰ, ਸਬੰਧਤ ਸਕੂਲ/ਵਿੰਗ ਦਾ ਪ੍ਰਿਸੀਪਲ/ਇੰਨਚਾਰਜ ਅਤੇ ਸਬੰਧਤ ਖੇਡ ਦੇ ਕੋਚ ਦੇ ਨਾਲ 2 ਸੀਨੀਅਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।