ਚੰਡੀਗੜ੍ਹ: ਪੰਜਾਬ ਦੇ ਬਜਟ 2020-21 ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਵਿੱਤੀ ਸਹਾਇਤਾ ਸਕੀਮਾਂ ਵਿੱਚ 31 ਫ਼ੀਸਦੀ ਵਾਧਾ ਕਰਨ ਦੀ ਤਜਵੀਜ਼ ਬਾਰੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਇਸ ਨਾਲ ਬਜ਼ੁਰਗਾਂ, ਇਸਤਰੀਆਂ ਤੇ ਬਾਲ ਪੈਨਸ਼ਨਰਾਂ ਦਾ ਮਨੋਬਲ ਵਧੇਗਾ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਰਾਸ਼ੀ 2019-20 ਮੁਕਾਬਲੇ 31 ਫ਼ੀਸਦੀ ਵਧਾ ਕੇ 2388 ਕਰੋੜ ਰੁਪਏ ਕੀਤੀ ਗਈ ਹੈ। ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਹਰ ਜ਼ਿਲ੍ਹੇ ਵਿੱਚ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਬੁਢਾਪਾ ਘਰ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਸਾਲ 2020-21 ਦੌਰਾਨ 5 ਕਰੋੜ ਰੁਪਏ ਦੀ ਮੁੱਢਲੀ ਰਾਸ਼ੀ ਰੱਖੀ ਗਈ ਹੈ।