ਚੰਡੀਗੜ੍ਹ:ਇੱਕ ਪਾਸੇ ਜਿੱਥੇ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ’ਚ ਖਜ਼ਾਨੇ ਦੀ ਦੁਰਵਰਤੋਂ ’ਤੇ ਵ੍ਹਾਈਟ ਪੇਪਰ ਲਿਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਮਤੇ ਨੂੰ ਵਿਧਾਨਸਭਾ ਚ ਵੀ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ..ਕਿਵੇਂ ਪੰਜਾਬ ਕਰਜ਼ਈ ਹੋਇਆ..ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ..ਵਿਧਾਨ ਸਭਾ ‘ਚ ਵੀ ਪੇਸ਼ ਕਰਾਂਗੇ..ਅੱਜ ਕੈਬਨਿਟ ਮੀਟਿੰਗ ‘ਚ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ.. ਪੰਜਾਬੀਆਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ।
ਸੂਬੇ ਦੇ ਵਿੱਤੀ ਹਾਲਾਤ ਵਿੱਚ ਲਿਆਵੇਗਾ ਸੁਧਾਰ: ਇਸ ਸਬੰਧੀ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵਿੱਤ ਬਾਰੇ ‘ਵਾਈਟ ਪੇਪਰ’ ਪੰਜਾਬ ਸਰਕਾਰ ਨੂੰ ਦਰਪੇਸ਼ ਗੁੰਝਲਦਾਰ ਮੁੱਦਿਆਂ ਨੂੰ ਸਰਲ ਬਣਾਉਣ ਅਤੇ ਮੌਜੂਦਾ ਸਰਕਾਰ ਨੂੰ ਵਿਰਾਸਤ ਵਿੱਚ ਮਿਲੀ ਵਿੱਤੀ ਸਥਿਤੀ ਬਾਰੇ ਆਮ ਆਦਮੀ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਉਣ ਦਾ ਯਤਨ ਹੈ। ਇਸ ਵਾਈਟ ਪੇਪਰ ਵਿੱਚ ਮੁੱਖ ਤੌਰ 'ਤੇ ਚਾਰ ਅਧਿਆਏ ਹਨ ਜੋ ਅਸਲ ਤਸਵੀਰ ਸਾਹਮਣੇ ਰੱਖਣ ਦੇ ਨਾਲ ਨਾਲ ਵਿੱਤੀ ਸੂਚਕਾਂ ਦੀ ਮੌਜੂਦਾ ਸਥਿਤੀ, ਕਰਜ਼ੇ ਦੀ ਸਥਿਤੀ ਅਤੇ ਸੂਬੇ ਦੇ ਸਰਕਾਰੀ ਅਦਾਰਿਆਂ ਦੇ ਵਿੱਤੀ ਹਾਲਾਤ ਨੂੰ ਪੇਸ਼ ਕਰਦੇ ਹਨ। ਵਾਈਟ ਪੇਪਰ ਸੂਬੇ ਦੇ ਵਿੱਤੀ ਹਾਲਾਤ ਵਿੱਚ ਸੁਧਾਰ ਲਈ ਸੰਭਾਵਿਤ ਰਾਹ ਵੀ ਦਰਸਾਏਗਾ।