ਚੰਡੀਗੜ੍ਹ: ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਾਗਰਿਕਤਾ ਸੋਧ ਐਕਟ (ਸੀਏਏ) ਵਿਰੁੱਧ ਇੱਕ ਮਤਾ ਪਾਸ ਕੀਤਾ ਗਿਆ ਹੈ। ਇਸ ਮੱਤੇ ਨੂੰ ਕੈਪਟਨ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਵੀ ਕੇਰਲ ਸਰਕਾਰ ਤਰ੍ਹਾਂ ਇਸ ਕਾਨੂੰਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਵਾਂਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਨੂੰ ਇੱਕ ਡਰਾਫਟ ਭੇਜਿਆ ਹੈ, ਜਿਸ 'ਚ ਸੀਏਏ ਨੂੰ ਲੈ ਕੇ ਕੁੱਝ ਤਬਦੀਲੀਆਂ ਕਰਨ ਲਈ ਕਿਹਾ ਹੈ ਤਾਂ ਜੋ ਇਹ ਕਾਨੂੰਨ ਹਰ ਕਿਸੀ ਨੂੰ ਮਨਜ਼ੂਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮਰਦਮਸ਼ੁਮਾਰੀ ਕੀਤੀ ਜਾ ਰਹੀ ਹੈ, ਇਹ ਪੁਰਾਣੇ ਪੱਧਰ 'ਤੇ ਹੀ ਕੀਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਇਸ 'ਚ ਹਰ ਨਾਗਰਿਕ ਨੂੰ ਗਿਣਿਆ ਜਾਵੇਗਾ ਭਾਵੇਂ ਉਹ ਮੁਸਲਮਾਨ, ਹਿੰਦੂ, ਸਿੱਖ, ਇਸਾਈ ਜਾਂ ਕੋਈ ਵੀ ਹੋਵੇ। ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਕੇਰਲ ਸਰਕਾਰ ਵੀ ਇਸ ਕਾਨੂੰਨ ਵਿਰੁੱਧ ਪ੍ਰਸਤਾਵ ਲਿਆ ਚੁੱਕੀ ਹੈ। ਇਸ ਦੇ ਨਾਲ ਹੀ ਕੇਰਲ ਸਰਕਾਰ ਨੇ ਇਸ ਕਾਨੂੰਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।