ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ ਵਰੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫੈਸਲਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਸੂਬੇ ਦੇ ਮੰਤਰੀ ਮੰਡਲ ਦੀ ਹੋਈ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਵੱਲੋਂ ਬਾਕੀ ਦੇ 60 ਫੀਸਦੀ ਬਕਾਏ ਦਾ ਮੁੱਦਾ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ ਜਾਵੇਗਾ।
ਮੰਤਰੀ ਮੰਡਲ ਵੱਲੋਂ ਮੰਤਰੀਆਂ ਦੇ ਸਮੂਹ, ਜਿਸ ਦੀ ਸਥਾਪਨਾ ਉਪਰੋਕਤ ਸਮੇਂ ਲਈ ਐਸ.ਸੀ. ਵਰਗ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ’ਤੇ ਵਿਚਾਰ ਕਰਨ ਲਈ ਕੀਤੀ ਗਈ ਸੀ। ਇਸ ਦੌਰਾਨ ਜਮਾਂ ਕੀਤੀ ਰਿਪੋਰਟ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਇਹ ਫੈਸਲਾ ਵੀ ਕੀਤਾ ਗਿਆ ਕਿ ਸਰਕਾਰ ਵੱਲੋਂ ਇਹ ਬਕਾਏ ਨਿੱਜੀ ਸੰਸਥਾਵਾਂ ਨੂੰ ਸਾਲ 2021-22 ਲਈ ਤਿੰਨ ਇੱਕ ਸਮਾਨ ਤਿਮਾਹੀ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।
ਮੰਤਰੀਆਂ ਦੇ ਸਮੂਹ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਿਲ ਸਨ ਅਤੇ ਇਹ ਸਮੂਹ 14 ਜਨਵਰੀ, 2021 ਨੂੰ ਕਾਇਮ ਕੀਤਾ ਗਿਆ ਸੀ।
ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜੀਫਾ ਸਕੀਮ ਕੇਂਦਰੀ ਸਹਾਇਤਾ ਰਾਹੀਂ ਲਾਗੂ ਕੀਤੀ ਜਾ ਰਹੀ ਹੈ ਪਰ ਵਰੇ 2017-18 ਤੋਂ ਲੈ ਕੇ 2019-20 ਤੱਕ ਕੋਈ ਵੀ ਫੰਡ ਜਾਰੀ ਨਹੀਂ ਕੀਤੇ ਗਏ। ਐਸ.ਸੀ. ਵਿਦਿਆਰਥੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਅਤੇ ਉਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮੰਤਰੀਆਂ ਦੇ ਸਮੂਹ ਦੀ ਸਥਾਪਨਾ ਕੀਤੀ ਗਈ ਸੀ।