ਮਾਨਸਾ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਹੱਦਾਂ ਤੋਂ ਜਿੱਤ ਕੇ ਮੁੜਨ 'ਤੇ ਕਿਸਾਨਾਂ ਦਾ ਸਵਾਗਤ ਕਰੇਗੀ। ਕਿਸਾਨ, ਖੇਤ ਮਜ਼ਦੂਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਜਿੱਤ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਬੇਮਿਸਾਲ ਏਕਤਾ ਨੇ ਮੋਦੀ ਸਰਕਾਰ ਨੂੰ ਕਾਲੇ ਬਿੱਲ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ।
ਭਾਜਪਾ ਆਗੂ ਹੁਣ ਕਿਸਾਨਾਂ ਦੀ ਜਿੱਤ ਤੋਂ ਸਿਆਸੀ ਲਾਹਾ ਲੈਣ ਦੀ ਫ਼ਿਰਾਕ 'ਚ
ਚੰਨੀ ਨੇ ਕਿਹਾ ਕਿ ਕਰੀਬ ਇੱਕ ਸਾਲ ਤੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਬਾਵਜੂਦ ਭਾਜਪਾ ਆਗੂ ਹੁਣ ਕਿਸਾਨਾਂ ਦੀ ਜਿੱਤ ਤੋਂ ਸਿਆਸੀ ਲਾਹਾ ਲੈਣ ਦੀ ਫ਼ਿਰਾਕ ਵਿੱਚ ਹਨ ਅਤੇ ਇਸ ਨੂੰ ਪੰਜਾਬ ਵਿੱਚ ਚੋਣ ਕਾਰਡ ਵੱਜੋਂ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।
ਚਰਨਜੀਤ ਚੰਨੀ ਨੇ ਭਾਜਪਾ ਆਗੂਆਂ ਨੂੰ ਇਸ ਮਹੱਤਵਪੂਰਨ ਮੁੱਦੇ 'ਤੇ ਸਿਆਸਤ ਕਰਨ ਤੋਂ ਸੁਚੇਤ ਰਹਿਣ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਅਤੇ ਲੋਕ ਇੱਕ ਸਾਲ ਤੋਂ ਵੱਧ ਸਮੇਂ ਤੋਂ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਲੈਣ ਵਾਲੀ ਮੋਦੀ ਸਰਕਾਰ ਅਤੇ ਇਸ ਦੇ ਆਗੂਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਇਹ ਕੋਈ ਆਸਾਨ ਜਿੱਤ ਨਹੀਂ ਸੀ ਕਿਉਂਕਿ ਉਨ੍ਹਾਂ ਨੂੰ ਮੋਦੀ ਸਰਕਾਰ ਦੇ ਹੰਕਾਰ ਦੀ ਭਾਰੀ ਕੀਮਤ ਚੁਕਾਉਣੀ ਪਈ ਕਿਉਂਕਿ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 350 ਦੇ ਕਰੀਬ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀਆਂ ਨੌਕਰੀਆਂ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਹੈ, ਜੋ ਦੇਸ਼ ਵਿੱਚ ਖੇਤੀਬਾੜੀ ਭਾਈਚਾਰੇ ਨੂੰ ਬਚਾਉਣ ਲਈ ਇਤਿਹਾਸਕ ਅਤੇ ਮਹਾਨ ਉਦੇਸ਼ ਵਾਸਤੇ ਲੜ ਰਹੇ ਹਨ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ 350 ਦੇ ਕਰੀਬ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਅਤੇ ਵਿੱਤੀ ਸਹਾਇਤਾ ਵੀ ਦਿੱਤੀ ਹੈ ਅਤੇ ਪੰਜਾਬ ਦੇ ਬਾਕੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਜਲਦ ਹੀ ਇਹ ਸਹੂਲਤ ਦਿੱਤੀ ਜਾਵੇਗੀ।
ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਚੰਨੀ ਦਾ ਕਹਿਣਾ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ੇ ਵੱਜੋਂ 17,000 ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਲਈ 10 ਫੀਸਦੀ ਵਾਧੂ ਰਾਸ਼ੀ ਮਨਜ਼ੂਰ ਕੀਤੀ ਹੈ। ਜਿਸ ਵਿੱਚੋਂ 12,000 ਰੁਪਏ ਪ੍ਰਤੀ ਏਕੜ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਜਾ ਚੁੱਕੇ ਹਨ ਅਤੇ ਬਾਕੀ 5,000 ਰੁਪਏ ਪ੍ਰਤੀ ਏਕੜ ਇੱਕ ਹਫ਼ਤੇ ਵਿੱਚ ਭੇਜ ਦਿੱਤੇ ਜਾਣਗੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਸਰਕਾਰੀ ਖਜ਼ਾਨੇ ਨੂੰ ਲੁੱਟਣ ਲਈ ਬਾਦਲਾਂ ਅਤੇ ਮਜੀਠੀਆ ਨੂੰ ਵੀ ਆੜੇ ਹੱਥੀਂ ਲਿਆ
ਮੁੱਖ ਮੰਤਰੀ ਨੇ ਆਪਣਾ ਕਾਰੋਬਾਰੀ ਸਾਮਰਾਜ ਸਥਾਪਿਤ ਕਰਨ ਵਾਸਤੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਲਈ ਬਾਦਲਾਂ ਅਤੇ ਮਜੀਠੀਆ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਾ ਦੇ ਕੇ ਅਜਿਹੇ ਮਾੜੇ ਕੰਮਾਂ ਵਿੱਚ ਖੁਦ ਨੂੰ ਸ਼ਾਮਿਲ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਲੋਕ ਕਦੇ ਵੀ ਆਮ ਲੋਕਾਂ ਦੀ ਦੁਰਦਸ਼ਾ ਨੂੰ ਨਹੀਂ ਸਮਝਣਗੇ ਕਿਉਂਕਿ ਉਹ ਕੁਲੀਨ ਵਰਗ ਨਾਲ ਸਬੰਧਿਤ ਹਨ। ਕੁਲੀਨ ਵਰਗ ਦੀ ਕੋਈ ਜਾਤ ਜਾਂ ਧਰਮ ਨਹੀਂ ਹੁੰਦਾ ਕਿਉਂਕਿ ਉਨ੍ਹਾਂ ਦਾ ਇੱਕੋ ਇੱਕ ਮਨੋਰਥ ਕਿਸੇ ਵੀ ਤਰੀਕੇ ਨਾਲ ਆਪਣੀਆਂ ਜੇਬਾਂ ਭਰਨਾ ਹੁੰਦਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕੁਸ਼ਾਸਨ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਕਰਦਾਤਾਵਾਂ ਦੇ ਪੈਸੇ 'ਤੇ ਆਪਣੇ ਨਾਲ ਸਲਾਹਕਾਰਾਂ ਦੀ ਇੱਕ ਟੀਮ ਰੱਖੀ ਹੋਈ ਸੀ ਅਤੇ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਲਈ ਉਨ੍ਹਾਂ ਨੂੰ ਸੈਂਕੜੇ ਪੁਲਿਸ ਮੁਲਾਜ਼ਮਾਂ ਦੀ ਸਹੂਲਤ ਵੀ ਦਿੱਤੀ ਸੀ।