ਚੰਡੀਗੜ੍ਹ: ਕੈਪਟਨ ਸਰਕਾਰ ਆਪਣਾ ਆਖਰੀ ਬਜਟ 5 ਮਾਰਚ ਨੂੰ ਪੇਸ਼ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਸ ਬਜਟ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਵਾਸਤੇ ਕੁਝ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਇਸ ਦੇ ਵਿੱਚ ਵੱਡਾ ਐਲਾਨ ਕਿਸਾਨੀ ਕਰਜ਼ ਨੂੰ ਲੈ ਕੇ ਹੋ ਸਕਦਾ ਹੈ। ਸੂਤਰਾ ਮੁਤਾਬਕ ਸਰਕਾਰ 32 ਹਜ਼ਾਰ ਕਿਸਾਨਾਂ ਨੂੰ ਕਰਜ਼ ਮੁਆਫੀ ਦਾ ਤੋਹਫਾ ਦੇ ਸਕਦੀ ਹੈ ਕਿਉਂਕਿ ਸਰਕਾਰ ਕਿਸਾਨੀ ਨੂੰ ਵੱਡਾ ਵੋਟ ਬੈਂਕ ਮੰਨਦੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਵੀ ਕਾਂਗਰਸ ਕਿਸਾਨੀ ਕਰਜ਼ ਮਾਫ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਰਹੀ ਸੀ।
ਸਰਕਾਰ ਨੇ ਇਸ ਕਰਜ਼ ਮੁਆਫ਼ੀ ਦਾ ਪੜਾਅ ਚਾਰ ਪੜਾਵਾਂ ਵਿੱਚ ਵੰਡਿਆ। ਪਹਿਲੇ ਪੜਾਅ ਦੌਰਾਨ ਢਾਈ ਏਕੜ ਤਕ ਜ਼ਮੀਨ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ। ਦੂਜੀ ਸਟੇਜ 'ਚ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਦੋ ਲੱਖ ਦਾ ਕਰਜ਼ਾ ਮੁਆਫ ਕੀਤਾ ਗਿਆ। ਜਿਨ੍ਹਾਂ ਕਿਸਾਨਾਂ ਦਾ ਦੋ ਲੱਖ ਰੁਪਏ ਤੋਂ ਇੱਕ ਰੁਪਿਆ ਵੀ ਵੱਧ ਸੀ ਉਨ੍ਹਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ। ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।