ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੇ ਮੱਦੇਨਜ਼ਰ ਸਖ਼ਤੀ ਵਧਾ ਦਿੱਤੀ ਹੈ। ਸੋਮਵਾਰ ਨੂੰ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੁਣ 5 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ ਅਤੇ ਵਿਆਹਾਂ ਤੇ ਪ੍ਰੋਗਰਾਮਾਂ ਵਿੱਚ ਇਕੱਠ ਦੀ ਗਿਣਤੀ 50 ਤੋਂ ਘਟਾ ਕੇ 30 ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮਾਸਕ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜੇਕਰ ਇਨ੍ਹਾਂ ਨਿਯਮਾਂ ਦੀ ਪਾਲਨਾ ਨਹੀਂ ਕੀਤੀ ਜਾਂਦੀ ਤਾਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਇਮਤਿਹਾਨਾਂ ਬਾਰੇ ਯੂ.ਜੀ.ਸੀ. ਦੇ ਦਿਸ਼ਾ-ਨਿਰਦੇਸ਼ਾਂ ’ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ
ਜਾਣਕਾਰੀ ਲਈ ਦੱਸ ਦਈਏ ਕਿ ਸ਼ਨੀਵਾਰ ਨੂੰ ਆਪਣੇ ਫੇਸਬੁੱਕ ਲਾਈਵ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਖ਼ਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸੀ ਕਿ ਮੈਂ ਪੰਜਾਬ ਵਿੱਚ ਦਿੱਲੀ ਅਤੇ ਮੁਬੰਈ ਵਰਗੇ ਹਾਲਾਤ ਨਹੀਂ ਬਣਨ ਦੇਵਾਂਗਾ।
ਇਸ ਤੋਂ ਇਲਾਵਾ ਕੈਪਟਨ ਨੇ ਕਿਹਾ ਕਿ ਹਫ਼ਤੇ ਦੇ ਆਖ਼ਰ ਵਾਲਾ ਲੌਕਡਾਊਨ ਪਹਿਲਾਂ ਹੀ ਲੱਗਾ ਹੋਇਆ ਹੈ। ਸਰਕਾਰ ਨੇ ਸਥਿਤੀ 'ਤੇ ਪੂਰੀ ਨਜ਼ਰ ਰੱਖ ਰਹੀ ਹੈ ਤੇ ਕੋਰੋਨਾ 'ਤੇ ਕਾਬੂ ਪਾਉਣ ਲਈ ਜੋ ਵੀ ਜ਼ਰੂਰੀ ਕਦਮ ਹੋਣਗੇ, ਉਹ ਚੁੱਕੇ ਜਾਣਗੇ।