ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ।
ਇਸੇ ਤਰਾਂ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ (ਓਟੀਐਸ) ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਜਾਰੀ ਪ੍ਰੈੱਸ ਬਿਆਨ ਰਾਹੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਦਿੱਤੀ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਹ ਫ਼ੈਸਲਾ ਲਿਆ ਹੈ ਜੋ ਇਸ ਸਮੇਂ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਭ ਤੋਂ ਅੱਗੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ, ਉਹ ਵਿਅਕਤੀ, ਜੋ ਐਕਟ ਅਧੀਨ ਲਏ ਗਏ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਜਮਾਂ ਕਰਾਉਣ ਵਿੱਚ ਅਸਫ਼ਲ ਰਹੇ ਹਨ, ਹੁਣ ਉਹ 10 ਪ੍ਰਤੀਸਤ ਛੋਟ ਨਾਲ ਮੂਲ ਰਕਮ 30 ਜੂਨ, 2020 ਤੱਕ ਯਕਮੁਸਤ ਜਮਾ ਕਰਵਾ ਸਕਦੇ ਹਨ।