ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਹਰਪਾਲ ਚੀਮਾ ਨੇ ਸ਼ਨੀਵਾਰ ਨੂੰ ਟਵਿੱਟਰ 'ਤੇ ਇੱਕ ਵੀਡੀਓ ਸਾਂਝੀ ਕਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਲੈ ਕੇ ਮੁੱਖ ਮੰਤਰੀ 'ਤੇ ਸਵਾਲ ਚੁੱਕੇ ਹਨ। ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਪੋਸਟ ਵਿੱਚ ਟੈਗ ਕੀਤਾ ਹੈ।
ਆਮ ਆਦਮੀ ਪਾਰਟੀ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਇਹ ਵੀਡੀਓ ਬਠਿੰਡਾ ਸਥਿਤ ਕੋਰੋਨਾ ਸੈਂਟਰ ਦੀ ਹੈ, ਜਿਸ ਵਿੱਚ ਪ੍ਰਵਾਸੀ ਮਜ਼ਦੂਰ ਸੈਂਟਰ ਦੀ ਛੱਤ 'ਤੇ ਚੜ੍ਹ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਸਹੂਲਤਾਂ ਨਾ ਮਿਲਣ ਦੀ ਗੱਲ ਆਖ ਰਹੇ ਹਨ। ਵੀਡੀਓ ਵਿੱਚ ਇੱਕ ਪ੍ਰਵਾਸੀ ਇਹ ਕਹਿੰਦਾ ਵੀ ਦਿਖਾਈ ਦੇ ਰਿਹਾ ਹੈ ਕਿ ਉਹ ਕੋਰੋਨਾ ਪੀੜਤ ਨਹੀਂ ਹੈ, ਉਸ ਨੂੰ ਜ਼ਬਰਦਸਤੀ ਇੱਥੇ ਰੱਖਿਆ ਗਿਆ ਹੈ।
ਵੀਡੀਓ ਰਾਹੀਂ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ, "ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਵਿੱਚ ਵੱਡੇ ਪੱਧਰ 'ਤੇ ਸਟਾਫ਼ ਅਤੇ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ, ਖ਼ਾਸ ਕਰਕੇ ਕੋਰੋਨਾ ਦੇ ਮਰੀਜ਼ਾਂ ਦੀਆਂ ਸ਼ਿਕਾਇਤਾਂ ਬਹੁਤ ਗੰਭੀਰ ਹਨ। ਪੰਜਾਬ ਸਰਕਾਰ ਨੂੰ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਦੇਖੇ-ਪਰਖੇ ਮਾਡਲ ਨੂੰ ਅਪਣਾਉਣ ਤੋਂ ਸੰਕੋਚ ਨਹੀਂ ਕਰਨਾ ਚਾਹੀਦਾ।"
ਹਰਪਾਲ ਚੀਮਾ ਨੇ ਮੁੱਖ ਮੰਤਰੀ ਦੇ ਕੋਵਿਡ ਪ੍ਰਬੰਧਨ ਦੇ ਦਾਅਵਿਆਂ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਮਰੀਜ਼ਾਂ ਨੂੰ ਖਾਣਾ ਨਹੀਂ ਮਿਲ ਰਿਹਾ, ਫਿਰ ਤੁਸੀਂ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਦੀ ਅਪੀਲ ਕਰਦੇ ਹੋ। ਉਨ੍ਹਾਂ ਕਿਹਾ ਕਿ ਜੇ ਤੁਸੀਂ ਇਨ੍ਹਾਂ ਨੂੰ ਖਾਣਾ ਮੁਹੱਈਆ ਨਹੀਂ ਕਰਵਾ ਸਕਦੇ ਤਾਂ ਆਪਣਾ ਅਹੁਦਾ ਤਿਆਗ ਦਿਓ।