ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲਏ ਇਕ ਵੱਡੇ ਫੈਸਲੇ ਤਹਿਤ ਪੰਜਾਬ ਸਰਕਾਰ ਨੇ ਸੂਬਾ ਸਰਕਾਰ ਦੀਆਂ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਸਬੰਧਤ ਅਸਾਮੀ ਵਾਸਤੇ ਨਿਰਧਾਰਤ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਹੁਣ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਦੀ ਭਰਤੀ ਲਈ ਹਾਜ਼ਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਸਬੰਧਤ ਅਸਾਮੀਆਂ ਵਾਸਤੇ ਲੋੜੀਂਦੀ ਭਰਤੀ ਪ੍ਰੀਖਿਆ ਤੋਂ ਪਹਿਲਾਂ ਪੰਜਾਬੀ ਯੋਗਤਾ ਪ੍ਰੀਖਿਆ ਨੂੰ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਹੋਵੇਗਾ।