ਚੰਡੀਗੜ੍ਹ: ਕੋਰੋਨਾ ਸੰਕਟ ਦੇ ਮੱਧੇਨਜ਼ਰ ਸੂਬੇ ਵਿੱਚ ਬੁੱਧਵਾਰ 15 ਅਪ੍ਰੈਲ 2020 ਤੋਂ ਰੱਬੀ ਸੀਜ਼ਨ 2020-21 ਦੀ ਫ਼ਸਲ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ।
ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਰਾਜ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ 1867 ਖਰੀਦ ਕੇਂਦਰ ਅਤੇ 1824 ਰਾਈਸ ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਹੈ, ਜਿਨ੍ਹਾਂ ਦੀ ਲਿਕਿੰਗ ਪਲਾਨ ਅਨੁਸਾਰ ਖ਼ਰੀਦ ਏਜੰਸੀਆਂ ਵਿਚਕਾਰ ਅਲਾਟਮੈਂਟ ਕੀਤੀ ਗਈ ਹੈ।
ਰਾਜ ਸਰਕਾਰ ਦੀਆਂ ਹਦਾਇਤਾ ਅਨੁਸਾਰ ਮੰਡੀ ਬੋਰਡ ਵੱਲੋਂ ਮੰਡੀਵਾਈਜ਼, ਆੜ੍ਹਤੀ ਵਾਈਜ਼ ਜਾਰੀ ਕੀਤੇ ਟੋਕਨਾਂ ਅਨੁਸਾਰ ਹੀ ਬਾਰਦਾਨਾ ਮੰਡੀ ਵਿੱਚ ਭੇਜਦੇ ਹੋਏ ਸਬੰਧਤ ਆੜ੍ਹਤੀਆਂ ਨੂੰ ਜਾਰੀ ਕੀਤਾ ਜਾ ਰਿਹਾ ਹੈ।
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਯੋਜਨਾਬੱਧ ਤਰੀਕੇ ਰਾਹੀਂ ਕਣਕ ਲਿਆਂਦੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਜਿਸ ਅਨੁਸਾਰ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾਈ 30 ਫੁੱਟ ਦੇ ਬੌਕਸ ਦੇ ਨਿਸ਼ਾਨ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਵੇਗੀ ਅਤੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਕਣਕ ਦੀ ਬੋਲੀ ਲਗਾਉਣ ਸਮੇਂ ਉਚਿਤ ਦੂਰੀ ਰੱਖਦੇ ਹੋਏ ਕਣਕ ਦੀ ਬੋਲੀ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ।
ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਅਤੇ ਮੰਡੀਵਾਈਜ਼ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆ ਗਈਆਂ ਹਨ ਜਿਸ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਮੁੱਖ ਦਫਤਰ ਦੇ ਪੱਧਰ ਤੇ ਵੀ ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਕੋਵਿਡ-19 ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਦਾ ਸੀਜ਼ਨ ਮਿਤੀ 15 ਅਪ੍ਰੈਲ 2020 ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਹ ਖ਼ਰੀਦ ਪ੍ਰੀਕ੍ਰਿਆ 15 ਜੂਨ 2020 ਤੱਕ ਜਾਰੀ ਰਹੇਗੀ।