ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਅੱਗੇ ਨਹੀਂ ਝੁਕੇਗੀ ਅਤੇ ਜਿਹੜੇ ਮੁਲਾਜ਼ਮ ਮਹਿਜ਼ ਆਪਣੇ ਮੁਫਾਦ ਲਈ ਦਬਾਅ ਬਣਾਉਣ ਵਾਸਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਹ ਗੱਲ ਮਾਲ ਮੰਤਰੀ ਨੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ 11 ਜੁਲਾਈ, 2022 ਤੋਂ ਦਿੱਤੇ ਹੜਤਾਲ ਦੇ ਸੱਦੇ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਹੀ।
ਇੱਥੇ ਅੱਜ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਲ ਨੂੰ ਗ਼ੈਰ-ਕਾਨੂੰਨੀ, ਵਿਕਾਸ ਵਿਰੋਧੀ ਅਤੇ ਲੋਕ ਹਿੱਤਾਂ ਦੇ ਵਿਰੁੱਧ ਮੰਨਿਆ ਜਾਵੇਗਾ ਕਿਉਂਕਿ ਐਸੋਸੀਏਸ਼ਨ ਦੇ ਬੈਨਰ ਹੇਠ ਕੁਝ ਵਿਅਕਤੀ ਆਪਣੇ ਆਹੁਦੇ ਦੀ ਦੁਰਵਰਤੋਂ ਕਰ ਕੇ ਮੁਲਾਜ਼ਮ ਭਾਈਚਾਰੇ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਸਮੂਹ ਮਾਲ ਕਰਮਚਾਰੀਆਂ ਨੂੰ ਸੂਬੇ ਦੀ ਭਲਾਈ ਲਈ ਇਸੇ ਤਰ੍ਹਾਂ ਸਖ਼ਤ ਮਿਹਨਤ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਅਸਲ ਵਿੱਚ ਬਹੁਗਿਣਤੀ ਮੁਲਾਜ਼ਮ ਇਸ ਤਰ੍ਹਾਂ ਦੀਆਂ ਦਬਾਅ ਬਣਾਉਣ ਵਾਲੀਆਂ ਕੋਸ਼ਿਸ਼ਾਂ ਨੂੰ ਪ੍ਰਵਾਨ ਨਹੀਂ ਕਰਦੇ ਅਤੇ ਸੂਬਾ ਸਰਕਾਰ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਹਨ।