ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਰਾਜੋਆਣਾ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਹੈ। ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ।
ਇਸ ਸਬੰਧੀ ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਬੈਂਚ ਨੇ ਪੁਲਿਸ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਉਨ੍ਹਾਂ ਦੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੁਲਿਸ ਸੁਰੱਖਿਆ ਵਿੱਚ ਲੈ ਕੇ ਜਾਣ ਦੇ ਹੁਕਮ ਦਿੱਤੇ ਹਨ। ਇਸ ਹੁਕਮ ਨਾਲ ਹਾਈਕੋਰਟ ਨੇ ਰਾਜੋਆਣਾ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਰਾਜੋਆਣਾ ਨੇ ਐਡਵੋਕੇਟ ਵਿਵੇਕ ਠਾਕੁਰ ਰਾਹੀਂ ਦਾਇਰ ਆਪਣੀ ਪਟੀਸ਼ਨ 'ਚ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਅਥਾਰਟੀ ਤੋਂ ਪੈਰੋਲ ਦੀ ਮੰਗ ਕੀਤੀ ਸੀ ਕਿਉਂਕਿ ਉਸ ਦੇ ਪਿਤਾ ਜਸਵੰਤ ਸਿੰਘ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ। ਪਰ ਜੇਲ੍ਹ ਪ੍ਰਸ਼ਾਸਨ ਨੇ ਉਸ ਦੀ ਮੰਗ ਨੂੰ ਠੁਕਰਾ ਦਿੱਤਾ, ਜਿਸ ਕਾਰਨ ਰਾਜੋਆਣਾ ਨੇ ਹੁਣ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਰਾਜੋਆਣਾ ਨੇ ਕਿਹਾ ਸੀ ਕਿ ਕਿਉਂਕਿ ਉਸ ਦੇ ਪਿਤਾ ਪਿਛਲੇ 26 ਸਾਲਾਂ ਤੋਂ ਜੇਲ੍ਹ 'ਚ ਲਗਾਤਾਰ ਉਨ੍ਹਾਂ ਨੂੰ ਮਿਲਣ ਆਉਂਦੇ ਰਹੇ ਹਨ, ਇਸ ਲਈ ਹੁਣ ਉਨ੍ਹਾਂ ਨੂੰ ਆਪਣੇ ਪਿਤਾ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।