ਚੰਡੀਗੜ੍ਹ:ਸੂਬੇ ਵਿੱਚ ਵਧ ਰਹੀਆਂ ਘਟਨਾਵਾਂ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਅਰਧ ਸੈਨਿਕਾਂ ਬਲਾਂ ਦੀ ਮਦਦ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਸਰਕਾਰ ਵੱਲੋਂ ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਅਰਧ ਸੈਨਿਕ ਬਲਾਂ ਨੂੰ ਬੁਲਾਇਆ ਗਿਆ ਹੈ। ਇਸ ਦਿਵਸ ਨੂੰ ਲੈਕੇ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਸੁਰੱਖਿਆ ਦੇ ਮੱਦੇਨਜ਼ਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਦਿਵਸ ਮੌਕੇ ਕਿਸੇ ਤਰ੍ਹਾਂ ਦੀ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ। ਪਿਛਲੇ ਦਿਨ੍ਹਾਂ ਵਿੱਚ ਵਾਪਰੀਆਂ ਘਟਨਾਵਾਂ ਖਾਸ ਕਰ ਪਟਿਆਲਾ ਵਿਖੇ ਵਾਪਰੀ ਘਟਨਾ ਨੂੰ ਲੈਕੇ ਸਰਕਾਰ ਦੀ ਕਾਰਗੁਜਾਰੀ ਉੱਪਰ ਵੱਡੇ ਸਵਾਲ ਖੜ੍ਹੇ ਹੋਏ ਸਨ ਜਿਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸਦੇ ਚੱਲਦੇ ਹੀ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਅੰਮ੍ਰਿਤਸਰ ਵਿਖੇ ਫਲੈਗ ਮਾਰਚ ਕੱਢਿਆ ਗਿਆ ਹੈ। ਇਸਦੇ ਨਾਲ ਹੀ ਵੱਖ ਵੱਖ ਥਾਵਾਂ ਉੱਪਰ ਵੱਡੀ ਗਿਣਤੀ ਵਿੱਚ ਅਰਧ ਸੈਨਿਕਾਂ ਬਲ ਅਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਪਿਛਲੇ ਦਿਨੀਂ ਸੀਐਮ ਭਗਵੰਤ ਮਾਨ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ। ਸੀਐਮ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਵਿੱਚ 2 ਹਜ਼ਾਰ ਵਾਧੂ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸਦੇ ਚੱਲਦੇ 10 ਕੰਪਨੀਆਂ ਪੰਜਾਬ ਵਿੱਚ ਪਹੁੰਚ ਵੀ ਚੁੱਕੀਆਂ ਹਨ ਜ਼ਿੰਨ੍ਹਾਂ ਨੂੰ ਪੰਜਾਬ ਭਰ ਵਿੱਚ ਤਾਇਨਾਤ ਕੀਤਾ ਗਿਆ ਹੈ। ਅਗਲੇ ਦਿਨ੍ਹਾਂ ਵਿੱਚ ਹੋਰ ਅਰਧ ਸੈਨਿਕ ਬਲ ਪੰਜਾਬ ਵਿੱਚ ਤਾਇਨਾਤ ਕੀਤੇ ਜਾਣਗੇ।
ਦੱਸ ਦਈਏ ਕਿ ਸੀਐਮ ਭਗਵੰਤ ਮਾਨ ਦਾ ਪੰਜਾਬ ਦੇ ਮਾਹੌਲ ਨੂੰ ਲੈਕੇ ਪਿਛਲੇ ਦਿਨੀਂ ਬਿਆਨ ਵੀ ਸਾਹਮਣੇ ਆਇਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ।ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਦੇ ਲਈ ਉਨ੍ਹਾਂ ਵੱਲੋਂ ਦੇਸ਼ ਦੇ ਗ੍ਰਹਿ ਮੰਤੀਰ ਨੂੰ ਅਰਧ ਸੈਨਿਕ ਪੰਜਾਬ ਭੇਜਣ ਲਈ ਅਪੀਲ ਕੀਤੀ ਗਈ ਹੈ।ਸੀਐਮ ਮਾਨ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਵਿੱਚ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਨੂੰ ਭੇਜ ਦਿੱਤਾ ਗਿਆ ਹੈ ਜਦਕਿ ਆਉਣ ਵਾਲੇ ਕੁਝ ਹੀ ਦਿਨ੍ਹਾਂ ਵਿੱਚ 10 ਹੋਰ ਕੰਪਨੀਆਂ ਨੂੰ ਭੇਜਿਆ ਜਾਵੇਗਾ।