ਪੰਜਾਬ

punjab

ETV Bharat / city

ਪੰਜਾਬ ਪੁਲਿਸ ਦਾ ਵੱਡਾ ਦਾਅਵਾ, ਇੱਕ ਹਫਤੇ ਅੰਦਰ 155 ਕਿੱਲੋ ਹੈਰੋਇਨ ਕੀਤੀ ਬਰਾਮਦ - ਪੰਜਾਬ ਪੁਲਿਸ ਦੇ ਆਈਜੀਪੀ

ਪੰਜਾਬ ਪੁਲਿਸ ਦੇ ਆਈਜੀਪੀ ਨੇ ਨਸ਼ੇ ਨੂੰ ਲੈਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇੱਕ ਹਫਤੇ ਅੰਦਰ 155 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਹੈ ਕਿ ਹੈਰੋਇਨ ਤੋਂ ਇਲਾਵਾ ਡਰੱਗ ਮਨੀ ਅਤੇ ਹੋਰ ਵੀ ਨਸ਼ੀਲਾ ਪਦਾਰਥ ਪੁਲਿਸ ਦੀ ਵੱਖ ਵੱਖ ਟੀਮਾਂ ਵੱਲੋਂ ਬਰਾਮਦ ਕੀਤਾ ਗਿਆ ਹੈ।

ਪੰਜਾਬ ਪੁਲਿਸ ਨੇ ਇੱਕ ਹਫਤੇ ਚ 155 ਕਿੱਲੋ ਹੈਰੋਇਨ ਕੀਤੀ ਬਰਾਮਦ
ਪੰਜਾਬ ਪੁਲਿਸ ਨੇ ਇੱਕ ਹਫਤੇ ਚ 155 ਕਿੱਲੋ ਹੈਰੋਇਨ ਕੀਤੀ ਬਰਾਮਦ

By

Published : Jul 18, 2022, 5:19 PM IST

Updated : Jul 18, 2022, 7:10 PM IST

ਚੰਡੀਗੜ੍ਹ: ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰ-ਰਾਜੀ ਅਪਰੇਸ਼ਨਾਂ ਦੌਰਾਨ ਗੁਜਰਾਤ ਅਤੇ ਮਹਾਰਾਸ਼ਟਰ ਦੋਵਾਂ ਸੂਬਿਆਂ ‘ਚੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫ਼ਤੇ 7.89 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 155.39 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।





ਇੱਕ ਹਫਤੇ ਅੰਦਰ 155 ਕਿੱਲੋ ਹੈਰੋਇਨ ਬਰਾਮਦ






ਜ਼ਿਕਰਯੋਗ ਹੈ ਕਿ 12 ਜੁਲਾਈ ਨੂੰ ਏ.ਟੀ.ਐਸ. ਗੁਜਰਾਤ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਕੰਟੇਨਰ 'ਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦਕਿ 15 ਜੁਲਾਈ ਨੂੰ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ 'ਤੇ ਕੰਟੇਨਰ 'ਚੋਂ 72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।



ਨਸ਼ਿਆਂ ਦੀ ਬਰਾਮਦਗੀ ਸਬੰਧੀ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 34 ਵਪਾਰਕ ਐਫਆਈਆਰਜ਼ ਸਮੇਤ 453 ਐਫਆਈਆਰਜ਼ ਦਰਜ ਕਰਕੇ 565 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।



ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾ ਕੇ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾ ਕੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ 16.29 ਲੱਖ ਰੁਪਏ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 10 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ ਹਨ।



ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਆਪਣੇ ਆਪ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਅੱਜ-ਕੱਲ੍ਹ ਨਸ਼ਾ ਤਸਕਰ ਪੈਦਲ ਹੀ ਨਸ਼ਿਆਂ ਦੀ ਤਸਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਘੱਟ ਮਾਤਰਾ 'ਚ ਨਸ਼ਾ ਵੇਚ ਰਹੇ ਹਨ ਤਾਂ ਜੋ ਫੜੇ ਜਾਣ 'ਤੇ ਵੀ ਉਨ੍ਹਾਂ ਦੇ ਮਾਮਲੇ ਨੂੰ ਵਪਾਰਕ ਨਜ਼ਰੀਏ ਤੋਂ ਨਾ ਸਮਝਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰ ਛਾਪੇ ਦੌਰਾਨ ਬਰਾਮਦਗੀ ਤੋਂ ਬਚਣ ਲਈ ਆਪਣੇ ਘਰਾਂ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਛੁਪਾਉਣ ਦੀ ਬਜਾਏ, ਇਸ ਨੂੰ ਛੱਪੜਾਂ ਅਤੇ ਖੇਤਾਂ ਵਿੱਚ ਛੁਪਾਉਣ ਨੂੰ ਤਰਜ਼ੀਹ ਦੇ ਰਹੇ ਹਨ।



ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਤੋਂ ਇਹ ਪਤਾ ਲੱਗਾ ਕਿ ਨਸ਼ੇ ਦੀ ਸਪਲਾਈ ਪਠਾਨਕੋਟ ਦੇ ਨਾਲ ਲੱਗਦੇ ਇਲਾਕੇ ਹਿਮਾਚਲ ਪ੍ਰਦੇਸ਼ ਦੇ ਪਿੰਡ ਛੰਨੀ-ਬੇਲੀ ਜਾਂ ਜੰਮੂ-ਕਸ਼ਮੀਰ ਦੇ ਗੁਆਂਢੀ ਕਠੂਆ ਜ਼ਿਲ੍ਹੇ ਤੋਂ ਹੁੰਦੀ ਹੈ, ਇਸ ਲਈ ਸਰਹੱਦੀ ਜ਼ਿਲ੍ਹੇ ਦੇ ਐੱਸ.ਐੱਸ.ਪੀਜ਼ ਨੂੰ ਇਹਨਾਂ ਗੁਆਂਢੀ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਰੱਖਣ ਲਈ ਕਿਹਾ ਗਿਆ ਹੈ। ਆਈਜੀਪੀ ਨੇ ਦੱਸਿਆ ਕਿ ਮਾਲੇਰਕੋਟਲਾ ਵਿੱਚ ਨਸ਼ਾ ਤਸਕਰੀ ਦਾ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿੱਥੇ ਨਸ਼ਾ ਤਸਕਰ ਰੋਹਿਤ ਸਾਹੀ ਉਰਫ਼ ਗੋਲਡੀ ਵਾਸੀ ਅਮਰਗੜ੍ਹ ਫੌਜ ਦੀ ਵਰਦੀ ਵਿੱਚ ਹੈਰੋਇਨ ਵੇਚਦਾ ਪਾਇਆ ਗਿਆ। ਪੁਲਿਸ ਨੇ ਉਸ ਦੀ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।



ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।



ਇਹ ਵੀ ਪੜ੍ਹੋ:ਵਿਧਾਇਕ ਮਨਪ੍ਰੀਤ ਇਆਲੀ ਨੇ ਅਕਾਲੀ ਦਲ ’ਤੇ ਚੁੱਕੇ ਸਵਾਲ, ਕਿਹਾ- 'ਪਾਰਟੀ ਨੇ ਮੇਰੇ ਤੋਂ ਨਹੀਂ ਲਈ ਸਲਾਹ'

Last Updated : Jul 18, 2022, 7:10 PM IST

ABOUT THE AUTHOR

...view details