ਚੰਡੀਗੜ੍ਹ: ਕੋਵਿਡ-19 ਖ਼ਿਲਾਫ਼ ਮੂਹਰਲੀ ਕਤਾਰ ਵਿੱਚ ਸੰਘਰਸ਼ ਕਰ ਰਹੇ ਪੁਲਿਸ ਕਰਮੀਆਂ ਨੂੰ ਵੀ ਪੰਜਾਬ ਸਰਕਾਰ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਏਗੀ।
ਇਸ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਇੱਕ ਵੀਡੀਓ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲੀ ਤਰਜੀਹ ਸਿਹਤ ਕਾਮਿਆਂ ਨੂੰ ਸੁਰੱਖਿਆ ਦੇਣ ਦੀ ਹੈ ਜਿਸ ਲਈ ਸੂਬੇ ਕੋਲ ਪਹਿਲਾਂ ਹੀ 16000 ਕਿੱਟਾਂ ਹਨ।
ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਾਰੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਸੈਨੀਟੇਸ਼ਨ ਵਰਕਰਾਂ ਲਈ ਅਜਿਹੀਆਂ ਕਿੱਟਾਂ ਉਪਲਬਧ ਹੋਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਇਹ ਕਿੱਟਾਂ ਲਈ ਸਰਕਾਰ ਇਨ੍ਹਾਂ ਦੀ ਹੋਰ ਖ਼ਰੀਦ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ ਦੌਰਾਨ ਪੁਲਿਸ ਵੀ ਵੱਡੇ ਜ਼ੋਖਮ ਦਾ ਸਾਹਮਣਾ ਕਰ ਰਹੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਆਪਣੇ ਉਪਰਾਲਿਆਂ ਅਤੇ ਵਸੀਲਿਆਂ ਨਾਲ ਹੀ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਮੁਲਾਜ਼ਮਾਂ ਨੂੰ ਸੂਬੇ ਵਿੱਚ ਕਰਫਿਊ ਨੂੰ ਲਾਗੂ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੀ ਡਿਊਟੀ ਤੋਂ ਇਲਾਵਾ ਕੋਈ ਹੋਰ ਕੰਮ ਕਰਨ ਲਈ ਨਹੀਂ ਆਖਿਆ ਜਾ ਰਿਹਾ ਹੈ।