ਚੰਡੀਗੜ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 10,440 ਸ਼ਿਕਾਇਤਾਂ ਮਿਲੀਆਂ ਹਨ।
ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 7,408 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 49 ਮਿੰਟ 39 ਸੈਕਿੰਡ ਵਿੱਚ ਅਤੇ 92 ਫੀਸਦੀ ਸ਼ੁੱਧਤਾ ਦਰਾਂ ਨਾਲ ਇੰਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।
ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ 498 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨਾਂ ਵਿੱਚੋਂ 448 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 50 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰ੍ਹਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 300 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ’ਚੋਂ 278 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 22 ਪ੍ਰਕਿਰਿਆ ਅਧੀਨ ਹਨ।