ਚੰਡੀਗੜ੍ਹ: ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਸੂਬੇ 'ਚ ਇਸ ਵਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇੱਕ ਹਫਤੇ ਦੀ ਥਾਂ ਇੱਕ ਮਹੀਨਾ ਚੱਲੇਗੀ। ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿੱਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਕੌਮੀ ਦਰ ਨਾਲੋਂ ਤਰਕੀਬਨ ਦੁੱਗਣੀ ਹੈ। ਉਨ੍ਹ ਅਪੀਲ ਕੀਤੀ ਕਿ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਨਾਲੋਂ ਵਾਹਨ ਚਾਲਕਾਂ ਨੂੰ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂ ਕਿ ਇਹ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ।
ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਗਊ ਸ਼ਾਲਾਵਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲੈਣੀ ਚਾਹੀਦੀ ਹੈ। ਇਸ ਨਾਲ ਸੜਕੀ ਹਾਦਸਿਆਂ ਵਿੱਚ ਵੀ ਕਮੀ ਆਵੇਗੀ ਅਤੇ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂ ਵੀ ਸੁਰੱਖਿਅਤ ਹੋਣਗੇ।
17 ਫਰਵਰੀ ਤੱਕ ਚੱਲਣ ਵਾਲੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੌਰਾਨ ਡਰਾਇਵਰਾਂ ਦੇ ਹੈਲਥ ਚੈੱਕਅਪ ਕੈਂਪ ਲਗਾਉਣ, ਡਰਾਈਵਰ ਟੈਸਟ ਟਰੈਕਾਂ ਦੀ ਚੈਕਿੰਗ, ਇਸ ਨਾਨ-ਲੈਪਸਏਬਲ ਰੋਡ ਸੇਫਟੀ ਫ਼ੰਡ ਵਿੱਚੋਂ ਮੁਹੱਈਆ ਕਰਵਾਏ ਗਏ ਫ਼ੰਡਾਂ ਨਾਲ ਵੱਖ-ਵੱਖ ਸੜਕ ਸੁਰੱਖਿਆ ਉਪਕਰਣਾਂ ਜਿਵੇਂ ਬਰੈੱਥ ਐਨਾਲਾਈਜਰ, ਬੈਰੀਕੇਡਸ, ਲੇਜਰ ਸਪੀਡ ਗੰਨ, ਸੀਸੀਟੀਵੀ ਕੈਮਰੇ, ਕਾਰ ਬਾਡੀ ਕਟਰ ਆਦਿ ਖਰੀਦਣ ਦਾ ਫ਼ੈਸਲਾ ਲਿਆ ਗਿਆ ਹੈ, ਜਿਨ੍ਹਾਂ ਨੂੰ ਇੰਨਫੋਰਸਮੈਂਟ ਏਜੰਸੀਆਂ ਨੂੰ ਸਪਲਾਈ ਕੀਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਨੂੰ ਦੱਸਿਆ ਕਿ ਹੁਣ ਤੱਕ ਕੌਮੀ ਰਾਜ ਮਾਰਗਾਂ ਅਤੇ ਰਾਜ ਮਾਰਗਾਂ ‘ਤੇ 391 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ।