ਚੰਡੀਗੜ੍ਹ:ਪੰਜਾਬ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬੈਠੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਪੁੱਤਰ ਦੀ ਫੋਟੋ ਵਾਇਰਲ ਹੋ ਰਹੀ ਹੈ। ਇਸ ਮਸਲੇ ਨੂੰ ਲੈਕੇ ਪੰਜਾਬ ਸਰਕਾਰ (Government of Punjab) ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਉੱਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵੀ ਆਪਣੇ ਪ੍ਰਤੀਕਰਮ ਆਉਣ ਸ਼ੁਰੂ ਹੋ ਗਏ ਹਨ।
ਅਮਨ ਅਰੋੜਾ ਨੇ ਚੁੱਕੇ ਸਵਾਲ
ਇਸ ਮਾਮਲੇ ਬਾਰੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਹੈ ਕਿ ਇਹ ਤਸਵੀਰ ਸਪੱਸ਼ਟ ਕਰਦੀ ਹੈ ਕਿ ਸਰਕਾਰ ਕਿੰਨੀ ਗੰਭੀਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿਸ਼ਚਿਤ ਤੌਰ ਤੇ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੇ ਇੱਕ ਸੰਵਿਧਾਨਕ ਅਹੁਦੇ ਦੀ ਸਹੁੰ ਵੀ ਚੁੱਕੀ ਹੈ ਜਿਸ ਦੇ ਤਹਿਤ ਉਨ੍ਹਾਂ ਦੇ ਬੇਟੇ ਨੂੰ ਉਸ ਮੀਟਿੰਗ ਵਿੱਚ ਮੌਜੂਦ ਨਹੀਂ ਹੋਣਾ ਚਾਹੀਦਾ ਸੀ। ਕਿਉਂਕਿ ਉਨ੍ਹਾਂ ਨੇ ਗੋਪਨੀਅਤਾ ਦੀ ਸਹੁੰ ਚੁੱਕੀ ਹੈ ਅਤੇ ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਨੂੰ ਇਸ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ।