ਚੰਡੀਗੜ੍ਹ:ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi), ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਇਸ ਦੌਰਾਨ ਦਿੱਲੀ ਰਵਾਨਾ ਹੋਣ ਸਮੇਂ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ 'ਓਨ ਡਿਊਟੀ'।
ਦਿੱਲੀ ਵੱਲ ਰਵਾਨਾ ਹੋਣ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੂੰ ਵਿਰੋਧੀਆਂ ਨੇ ਘੇਰਨਾ ਸ਼ੁਰੂ ਕਰ ਦਿੱਤਾ। ਦਿੱਲੀ ਦੌਰੇ ਲਈ ਕੀਤੀ ਉਨ੍ਹਾਂ ਦੀ ਪ੍ਰਾਈਵੇਟ ਜੈੱਟ ਸਵਾਰੀ ਉੱਤੇ ਵਿਰੋਧੀਆਂ ਨੇ ਜੰਮ ਕੇ ਨਿਸ਼ਾਨੇ ਸਾਧੇ।
ਆਮ ਆਦਮੀ ਪਾਰਟੀ (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal singh cheema) ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸ਼ਬਦੀ ਹਮਲਾ ਕੀਤਾ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਜਿੱਥੇ ਸਮਾਜ ਸੁਧਾਰਨ ਦੀ ਗੱਲ ਆਖਦੇ ਹਨ ਉੱਥੇ ਹੀ ਦੂਜੇ ਪਾਸੇ ਉਹ ਹਾਈਕਮਾਂਡ ਨੂੰ ਮਿਲਣ ਦੇ ਲਈ ਪ੍ਰਾਈਵੇਟ ਜੈਟ ਦਾ ਇਸਤੇਮਾਲ ਕਰ ਰਹੇ ਹਨ। ਇਸ ਨਾਲ ਕਾਂਗਰਸ ਦੀ ਮੰਸ਼ਾ ਦਾ ਅੰਦਾਜਾ ਲਗਾਇਆ ਜਾ ਸਕਦਾ ਹੈ।