ਚੰਡੀਗੜ੍ਹ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ 'ਚ ਜਾਂਚ ਕਰ ਰਹੇ ਐਸ.ਆਈ.ਟੀ ਵਜੋਂ ਕੰਮ ਕਰ ਰਹੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਕੇ ਖੁਦ ਇਸ ਮਾਮਲੇ 'ਚ ਪੈਰ੍ਹਵੀ ਕਰਨ ਦੀ ਗੱਲ ਕੀਤੀ ਗਈ। ਇਸ ਦੇ ਚੱਲਦਿਆਂ ਕੁੰਵਰ ਵਿਜੇ ਪ੍ਰਤਾਪ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵਕੀਲ ਵਜੋਂ ਮੈਂਬਰਸ਼ਿਪ ਵੀ ਲਈ ਗਈ।
ਇਸ ਦੇ ਚੱਲਦਿਆਂ ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੀ ਚੰਡੀਗੜ੍ਹ ਅਤੇ ਪੰਜਾਬ ਯੁਨਿਟ ਵਲੋਂ ਪੰਜਾਬ ਹਰਿਆਣਾ ਬਾਰ ਕੌਂਸਲ ਵਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਲਾਇਸੈਂਸ ਦੇਣ ਦੇ ਫੈਸਲੇ ਦੀ ਨਿੰਦਾ ਕੀਤੀ ਹੈ। ਐਸੋਸੀਏਸ਼ਨ ਦਾ ਕਹਿਣਾ ਕਿ ਬਾਰ ਕੌਂਸਲ ਵਲੋਂ ਉਨ੍ਹਾਂ ਨੂੰ ਲਾਇਸੈਂਸ ਦੇਣ ਦੇ ਨਾਲ- ਨਾਲ ਡਿਸਿਪਲਿਨਰੀ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਕੌਂਸਲ ਵਲੋਂ ਇਸ ਗੱਲ ਦਾ ਧਿਆਨ ਨਹੀਂ ਰੱਖਿਆ ਗਿਆ ਕਿ ਬੇਅਦਬੀ ਅਤੇ ਗੋਲੀਕਾਂਡ ਮਾਮਲੇ 'ਚ ਕੁੰਵਰ ਵਿਜੇ ਪ੍ਰਤਾਪ ਨੂੰ ਲੈਕੇ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਦੇ ਕੰਮ ਕਰਨ ਦੇ ਤਰੀਕਿਆਂ 'ਤੇ ਵੀ ਸਵਾਲ ਚੁੱਕੇ ਹਨ। ਐਸੋਸੀਏਸ਼ਨ ਦਾ ਕਹਿਣਾ ਕਿ ਕੁੰਵਰ ਵਿਜੇ ਪ੍ਰਤਾਪ ਵਲੋਂ ਕਈ ਵਾਰ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਵਕੀਲਾਂ 'ਤੇ ਸਵਾਲ ਵੀ ਖੜੇ ਕੀਤੇ ਹਨ।