ਚੰਡੀਗੜ੍ਹ :ਪੰਜਾਬ ਦੌਰੇ ਉੱਤੇ ਆਏ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੇ ਘਰ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕਰਵਾਈ ਗਈ ਸੀ। ਰਾਘਵ ਚੱਢਾ ਨੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ ਅਤੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ।
ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਤੇ ਦੇਸ਼ ਦਾ ਕਿਸਾਨ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਠੰਢੀ ਸ਼ੀਤ ਲਹਿਰ 'ਚ ਸੜਕਾਂ ਉੱਤੇ ਅੰਦੋਲਨ ਕਰ ਰਿਹਾ ਹੈ। ਉਸ ਸਮੇਂ ਪੰਜਾਬ ਦੇ ਆੜਤੀਆਂ ਨੇ ਆਪਣੇ ਨਹੁੰ-ਮਾਸ ਦੇ ਰਿਸ਼ਤੇ ਨੂੰ ਨਿਭਾਉਂਦੇ ਹੋਏ ਕਿਸਾਨਾਂ ਦਾ ਸਾਥ ਦਿੱਤਾ ਹੈ। ਅਜਿਹੇ ਸਮੇਂ ਕੇਂਦਰ ਦੀ ਮੋਦੀ ਸਰਕਾਰ ਆੜ੍ਹਤੀਆਂ ਨੂੰ ਡਰਾਉਣ ਧਮਕਾਉਣ ਲਈ ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕਰਵਾ ਰਹੀ ਹੈ।