ਚੰਡੀਗੜ੍ਹ: ਇਸ ਵਾਰ ਗਰਮੀ ਜਲਦੀ ਆਉਣ ਕਾਰਨ ਆਮ ਲੋਕ ਪਰੇਸ਼ਾਨ ਹਨ। ਮਾਰਚ ਦੇ ਮਹੀਨੇ ਵਿਚ ਹੀ ਅਪ੍ਰੈਲ ਦੀ ਗਰਮੀ ਅਸਮਾਨ ਤੋਂ ਵਰ੍ਹ ਰਹੀ ਸੀ। ਭਾਰੀ ਨਮੀ ਕਾਰਨ ਲੋਕ ਮੀਂਹ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਚੰਡੀਗੜ੍ਹ 'ਚ ਵੀਰਵਾਰ ਸਵੇਰੇ ਹਲਕੀ ਬਾਰਿਸ਼ ਨੇ ਕੁਝ ਰਾਹਤ ਦਿੱਤੀ ਹੈ। ਵੀਰਵਾਰ ਸਵੇਰੇ ਮੌਸਮ ਨੇ ਅਚਾਨਕ ਕਰਵਟ ਲੈ ਲਿਆ। ਕਰੀਬ ਸਾਢੇ 9 ਵਜੇ ਅਚਾਨਕ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲੀਆਂ ਪਰ ਥੋੜ੍ਹੇ ਸਮੇਂ ਵਿੱਚ ਹੀ ਮੀਂਹ ਰੁਕ ਗਿਆ।
ਪਿਛਲੇ ਕਈ ਦਿਨਾਂ ਤੋਂ ਪੰਜਾਬ ਦਾ ਤਾਪਮਾਨ 40 ਡਿਗਰੀ ਦੇ ਕਰੀਬ ਰਿਹਾ, ਪਰ ਮੀਂਹ ਕਾਰਨ ਤਾਪਮਾਨ ਵਿੱਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਇਸ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਕਿ 20 ਅਤੇ 21 ਤਰੀਕ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਕਈ ਥਾਵਾਂ ’ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਦਾ ਅਸਰ ਪੰਜਾਬ 'ਚ ਵੀਰਵਾਰ ਸਵੇਰੇ ਦੇਖਣ ਨੂੰ ਮਿਲਿਆ ਅਤੇ ਸਵੇਰੇ ਹੀ ਮੌਸਮ ਬਦਲ ਗਿਆ ਅਤੇ ਬਾਰਿਸ਼ ਸ਼ੁਰੂ ਹੋ ਗਈ। ਉਂਜ ਜੇਕਰ ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ ਗਰਮੀ ਤੋਂ ਰਾਹਤ ਮਿਲਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਆਉਣ ਵਾਲੇ ਹਫ਼ਤੇ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।