ਚੰਡੀਗੜ੍ਹ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਵੱਲੋਂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਨੂੰ ਲੈਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਡੀਜੀਪੀ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ। ਇਸਦੇ ਨਾਲ ਹੀ ਵੜਿੰਗ ਨੇ ਕਿਹਾ ਕਿ ਪੁਲਿਸ ਨੂੰ ਅਜਿਹੀਆਂ ਧਮਕੀਆਂ ਦੇਣ ਵਾਲੇ ਲੋਕਾਂ ਖਿਲਾਫ਼ ਕਾਰਵਾਈ ਕਰ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਸਿੱਧੂ ਮੂਸੇ ਵਾਲੇ ਦਾ ਕਰੀਬੀ ਪ੍ਰਸ਼ੰਸਕ ਲਗਾਤਾਰ ਸਿੱਧੂ ਮੂਸੇਵਾਲੇ ਦੀਆਂ ਪੋਸਟਾਂ ਇੰਸਟਾਗ੍ਰਾਮ ਅਤੇ ਫੇਸਬੁੱਕ ਆਈਡੀ ਉੱਪਰ ਪਾ ਰਿਹਾ ਹੈ ਜਿੰਨ੍ਹਾਂ ਨੂੰ ਹੁਣ ਪਾਕਿਸਤਾਨੀ ਨੰਬਰ ਤੋਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇਸ ਦੇ ਵਿੱਚ ਉਨ੍ਹਾਂ ਵੱਲੋਂ ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਹੁਣ ਅਗਲਾ ਟਾਰਗੇਟ ਦੱਸਿਆ ਜਾ ਰਿਹਾ ਹੈ। ਕਿਉਂਕਿ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਲਗਾਤਾਰ ਗੈਂਗਸਟਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਨਾਲ ਅਤੇ ਪੰਜਾਬ ਪੁਲਿਸ ਦੇ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪੁੱਤ ਦਾ ਇਨਸਾਫ ਮਿਲ ਸਕੇ। ਧਮਕੀ ਭਰੀਆਂ ਪੋਸਟਾਂ ਨੂੰ ਲੈ ਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੰਜਾਬ ਪੁਲਿਸ ਨੂੰ ਇਸ ਦੀ ਸ਼ਿਕਾਇਤ ਵੀ ਦਿੱਤੀ ਗਈ ਹੈ।