ਚੰਡੀਗੜ੍ਹ:ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਭਰ ’ਚ ਚਲ ਰਹੀਆਂ ਪ੍ਰਾਈਵੇਟ ਬੱਸਾਂ ਸਬੰਧੀ ਜਾਣਕਾਰੀ ਵੱਡਾ ਐਲਾਨ ਕੀਤਾ ਹੈ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿੱਚ ਚੱਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਗਾਈ ਜਾਣਗੀਆਂ।
ਇਸ ਸਬੰਧੀ ਰਾਜਾ ਵੜਿੰਗ ਨੇ ਦੱਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕਾਰਜਕੁਸ਼ਲਤਾ ਵੀ ਚੈੱਕ ਕੀਤੀ।
ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਹ ਸਿਸਟਮ ਹੁਣ ਤੱਕ ਪਨਬਸ/ਪੰਜਾਬ ਰੋਡਵੇਜ਼ ਦੀਆਂ 1450 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਔਰਤਾਂ ਲਈ ਬੱਸਾਂ ਵਿੱਚ ਪੈਨਿਕ ਬਟਨ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ।