ਚੰਡੀਗੜ੍ਹ:ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਰ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜ਼ਟਿਡ ਅਫਸਰ ਦੀ ਤੈਨਾਤੀ ਰੋਸਟਰ ਅਨੁਸਾਰ ਕਰਨ ਦੇ ਹੁਕਮ ਦਿੱਤੇ ਹਨ ਜਿਸ ਦੀ ਉਹ ਖ਼ਦ ਹਰ ਰੋਜ਼ ਵੀਡੀਓ ਕਾਲ ਰਾਹੀਂ ਸਮੀਖਿਆ ਕਰਨਗੇ।
ਇੱਕ ਬਿਆਨ ਵਿੱਚ ਸ. ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਰਾਤ ਦੇ ਸਮੇਂ ਲੋੜੀਂਦੀ ਪੁਲਿਸ ਗਸ਼ਤ ਨਹੀਂ ਕੀਤੀ ਜਾਂਦੀ। ਉਨ੍ਹਾਂ ਸਮੂਹ ਕਮਿਸ਼ਨਰ ਅਤੇ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਆਪੋ-ਆਪਣੇ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਗਜ਼ਟਿਡ ਅਫਸਰਾਂ ਦੀ ਡਿਊਟੀ ਦਾ ਰੋਸਟਰ ਬਣਾਇਆ ਜਾਵੇ। ਹਰ ਰਾਤ ਘੱਟੋ-ਘੱਟ ਇਕ ਤਿਹਾਈ ਅਫਸਰ ਡਿਊਟੀ `ਤੇ ਤੈਨਾਤ ਰਹਿਣ। ਉਨ੍ਹਾਂ ਕਿਹਾ ਕਿ ਉਹ ਕਿਸੇ ਵੇਲੇ ਵੀ ਰੋਸਟਰ ਵਾਲੇ ਡਿਊਟੀ ਅਫਸਰ ਨੂੰ ਵੀਡੀਓ ਕਾਲ ਕਰਕੇ ਉਸ ਦੀ ਲੋਕੇਸ਼ਨ ਚੈਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।