ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਸ ’ਚ ਲੜਾਈ ਕਰਨ ’ਚ ਰੁਝੀ ਹੋਈ ਹੈ, ਜਿਸ ਕਰਕੇ ਉਹ ਸੂਬੇ ਦੀ ਸੁਰੱਖਿਆ ਵੱਲ ਧਿਆਨ ਨਹੀਂ ਦੇ ਰਹੀ।
ਕਾਂਗਰਸ ਸਰਕਾਰ ’ਤੇ ਸ਼ਬਦੀ ਹਮਲਾ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 4 ਡੀ.ਜੀ.ਪੀ ਬਦਲ ਦਿੱਤੇ ਗਏ ਹਨ, ਜਿਸ ਕਰਕੇ ਪੁਲਿਸ ਨੂੰ ਆਪਣੇ ਮੁੱਖ ਅਧਿਕਾਰੀ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਕਾਂਗਰਸ ਤੋਂ ਪਹਿਲਾਂ ਅਕਾਲੀ-ਭਾਜਪਾ ਦੀ ਸਰਕਾਰ ਸੀ। ਉਸ ਸਮੇਂ ਬੇਅਦਬੀਆਂ ਦੀਆਂ ਘਟਨਾਵਾਂ, ਲੁੱਟ-ਖੋਹ, ਛੇੜਛਾੜ ਦੇ ਮਾਮਲੇ ਹੁੰਦੇ ਆਏ ਹਨ। ਪੰਜਾਬ ’ਚ ਮਜ਼ਬੂਤ ਸਰਕਾਰ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਟਰੀ ਦੀ ਸਰਕਾਰ ਬਣੇਗੀ, ਜਿਸ ਵਲੋਂ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕਈ ਕੰਮ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ਪੁਲਿਸ ਨੂੰ ਫਰੀ ਹੈਂਡ ਦਿੱਤੇ ਜਾਣਗੇ। ਇਮਾਨਦਾਰ ਅਤੇ ਮਿਹਨਤੀ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਫੀਲਡ ’ਚ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ’ਤੇ ਡਰੱਗ ਟਾਸਕ ਫੋਰਸ ਬਣਾਈ ਜਾਵੇਗੀ, ਜਿਸ ਨਾਲ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।