ਚੰਡੀਗੜ੍ਹ:ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੱਸਿਆ ਕਿ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਅਪਰੇਟਰਾਂ ਨੂੰ ਨੱਥ ਪਾਉਣ ਨਾਲ ਵਿਭਾਗ ਨੂੰ ਰੋਜ਼ਾਨਾ ਆਮਦਨ ਵਿੱਚ 1 ਕਰੋੜ ਰੁਪਏ ਤੋਂ ਵੀ ਵੱਧ ਦਾ ਇਜ਼ਾਫ਼ਾ ਹੋਣਾ ਸ਼ੁਰੂ ਹੋ ਗਿਆ ਹੈ।
ਇਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਆਮਦਨ ਦਿਨੋਂ-ਦਿਨ ਵਧ ਰਹੀ ਹੈ, ਜੋ ਹੁਣ 100.48 ਲੱਖ ਰੁਪਏ ਰੋਜ਼ਾਨਾ ਪੁੱਜ ਚੁੱਕੀ ਹੈ। ਵਿਭਾਗ ਦੀ ਪਿਛਲੇ ਦੋ ਮਹੀਨੇ ਦੀ ਆਮਦਨ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਸਤੰਬਰ 2021 ਵਿੱਚ ਪੀ.ਆਰ.ਟੀ.ਸੀ. ਦੀ ਆਮਦਨ 39.01 ਕਰੋੜ ਰੁਪਏ ਅਤੇ ਪੰਜਾਬ ਰੋਡਵੇਜ਼ ਦੀ ਆਮਦਨ 34.15 ਕਰੋੜ ਰੁਪਏ ਸੀ, ਜੋ ਅਕਤੂਬਰ ਮਹੀਨੇ ਦੌਰਾਨ ਵਧ ਕੇ ਕ੍ਰਮਵਾਰ 54.74 ਕਰੋੜ ਅਤੇ 49.57 ਕਰੋੜ ਰੁਪਏ ਹੋ ਗਈ।
ਰਾਜਾ ਵੜਿੰਗ ਨੇ ਦੱਸਿਆ ਕਿ ਦੋਵਾਂ ਅਦਾਰਿਆਂ ਦੀ ਸਤੰਬਰ ਮਹੀਨੇ ਦੀ ਕੁੱਲ 73.16 ਕਰੋੜ ਦੀ ਆਮਦਨ ਦੇ ਮੁਕਾਬਲੇ ਅਕਤੂਬਰ ਮਹੀਨੇ ਵਿੱਚ 42.57 ਫ਼ੀਸਦੀ ਭਾਵ 31.15 ਕਰੋੜ ਰੁਪਏ ਦੇ ਵਾਧੇ ਨਾਲ ਇਹ ਕਮਾਈ 104.31 ਕਰੋੜ ਰੁਪਏ ਰਹੀ। ਉਨ੍ਹਾਂ ਦੱਸਿਆ ਕਿ ਦੋਵਾਂ ਅਦਾਰਿਆਂ ਤੋਂ ਅੱਜ ਦੇ ਦਿਨ ਤੱਕ ਦੀ ਰੋਜ਼ਾਨਾ ਆਮਦਨ 100.48 ਲੱਖ ਰੁਪਏ ਹੋ ਰਹੀ ਹੈ।
ਵਿਭਾਗ ਦੀ ਵਧੀ ਆਮਦਨ ਦੀ ਪਿਛਲੇ ਸਮੇਂ ਨਾਲ ਤੁਲਨਾ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ 10 ਸਾਲਾ ਕਾਰਜਕਾਲ ਸਮੇਤ ਬੱਸ ਮਾਫ਼ੀਆ ਨਾਲ ਅੰਦਰਖਾਤੇ ਯਾਰੀ ਪੁਗਾਉਣ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਢੇ 4 ਸਾਲ ਦੀ ਸਮਝੌਤਾਵਾਦੀ ਸਰਕਾਰ ਦੇ ਕੁੱਲ 5220 ਦਿਨਾਂ ਦੀ ਰਾਸ਼ੀ ਕਰੀਬ 5200 ਕਰੋੜ ਰੁਪਏ ਬਣਦੀ ਹੈ, ਜੋ ਸਰਕਾਰੀ ਖ਼ਜ਼ਾਨੇ ਦੀ ਸ਼ਰ੍ਹੇਆਮ ਲੁੱਟ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਰਾਸ਼ੀ ਨਾਲ ਆਪਣੀਆਂ ਜੇਬਾਂ ਭਰਨ ਵਾਲੇ ਕਦੇ ਵੀ ਲੋਕ ਹਿਤੈਸ਼ੀ ਨਹੀਂ ਹੋ ਸਕਦੇ।
ਲੋਕਾਂ ਦੀ ਸੇਵਾ ਦੇ ਨਾਮ 'ਤੇ ਸਰਕਾਰਾਂ ਬਣਾ ਕੇ ਬੱਸ ਮਾਫ਼ੀਆ ਰਾਹੀਂ ਆਪਣੇ ਕਾਰੋਬਾਰ ਵਿੱਚ ਵਾਧਾ ਕਰ ਰਹੇ ਸਿਆਸਤਦਾਨਾਂ ਦੇ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ "ਰਾਜ ਨਹੀਂ ਸੇਵਾ" ਵਾਲੇ ਸ਼੍ਰੋਮਣੀ ਅਕਾਲੀ ਦਲ ਨੇ ਲੁੱਟਣ ਦੇ ਮਾਮਲੇ ਵਿੱਚ ਅਹਿਮਦ ਸ਼ਾਹ ਅਬਦਾਲੀ ਨੂੰ ਵੀ ਮਾਤ ਪਾਈ ਹੈ।
ਰਾਜਾ ਵੜਿੰਗ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੂਰੀਆ ਕਾਂਤ ਵੱਲੋਂ ਸਾਲ 2012 'ਚ ਮਲਟੀਪਲ ਪਰਮਿਟਾਂ ਦੇ ਗ਼ੈਰ-ਕਾਨੂੰਨੀ ਵਿਸਤਾਰ ਵਿਰੁੱਧ ਸੁਣਾਏ ਫ਼ੈਸਲੇ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਸੀਂ ਇਸ ਫ਼ੈਸਲੇ ਨੂੰ ਹੂ-ਬਹੂ ਲਾਗੂ ਕਰਕੇ ਕਰੀਬ 1 ਲੱਖ ਕਿਲੋਮੀਟਰ ਤੋਂ ਵੱਧ ਦੇ ਗ਼ੈਰ-ਕਾਨੂੰਨੀ ਵਿਸਤਾਰ ਵਾਲੇ 680 ਮਲਟੀਪਲ ਪਰਮਿਟ ਰੱਦ ਕੀਤੇ ਹਨ ਤਾਂ ਸੂਬਾ ਸਰਕਾਰ ਨੂੰ ਅਕਤੂਬਰ ਮਹੀਨੇ ਦੌਰਾਨ 42 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਕਰੀਬ 42 ਲੱਖ ਰੁਪਏ ਰੋਜ਼ਾਨਾ ਦਾ ਲਾਭ ਹੋਣਾ ਸ਼ੁਰੂ ਹੋ ਗਿਆ ਹੈ।