ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਧਾਇਕ ਦਲ ਨੇ ਬੁੱਧਵਾਰ ਨੂੰ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਵਾਧੇ ਅਤੇ ਕਾਂਗਰਸ ਸਰਕਾਰ ਵੱਲੋਂ ਮਹਾਂਮਾਰੀ ਨਾਲ ਨਜਿੱਠਣ ਦੇ ਤਰੀਕੇ ’ਤੇ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿੱਚ ਵਿਚਾਰ ਚਰਚਾ ਕਰਨ ਲਈ ਇੱਕ ਮਤਾ ਪੇਸ਼ ਕੀਤਾ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮਤਾ ਇਸ ਕਰ ਕੇ ਪੇਸ਼ ਕੀਤਾ ਗਿਆ ਹੈ ਕਿਉਂਕਿ ਕਾਂਗਰਸ ਸਰਕਾਰ ਦੀ ਕੋਰੋਨਾ ਨਾਲ ਨਜਿੱਠਣ ਦੀ ਪਹਿਲਕਦਮੀ ਮਿਸ਼ਨ ਫਤਿਹ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ।
ਲੋਕਾਂ ਨੂੰ ਮਰਨ ਲਈ ਨਹੀਂ ਛੱਡਿਆ ਜਾ ਸਕਦਾ
ਉਨ੍ਹਾਂ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਬੇਵੱਸ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਖੁਦ ਮੰਨਿਆ ਹੈ ਕਿ ਅਗਲੇ ਮਹੀਨੇ ਤੱਕ ਕੋਰੋਨਾ ਕੇਸਾਂ ਦੀ ਗਿਣਤੀ ਇੱਕ ਲੱਖ ਟੱਪ ਜਾਵੇਗੀ, ਇਸ ਲਈ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਇੱਕ ਪ੍ਰਭਾਵਸ਼ਾਲੀ ਰਣਨੀਤੀ ਦੀ ਜ਼ਰੂਰਤ ਹੈ ਕਿਉਂਕਿ ਲੋਕਾਂ ਨੂੰ ਕਾਂਗਰਸ ਸਰਕਾਰ ਦੀ ਅਣਗਹਿਲੀ ਕਾਰਨ ਮਰਨ ਵਾਸਤੇ ਨਹੀਂ ਛੱਡਿਆ ਜਾ ਸਕਦਾ।
ਸਰਕਾਰ ਦੇ ਮਿਸ਼ਨ ਫਤਿਹ 'ਤੇ ਨਿਸ਼ਾਨਾ
ਵਿਧਾਨ ਸਭਾ ਸਕੱਤਰੇਤ ਵਿੱਚ ਪ੍ਰੋਸੀਜ਼ਰ ਐਂਡ ਕੰਡਕਟ ਆਫ ਬਿਜ਼ਨਸ ਇਨ ਅਸੈਂਬਲੀ ਦੇ ਨਿਯਮ 77 ਤਹਿਤ ਪੇਸ਼ ਕੀਤੇ ਮਤੇ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਕਿਹਾ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਤਿਆਰ ਕਰਨ ਤੋਂ ਇਲਾਵਾ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਸਦਾ ਮਿਸ਼ਨ ਫਤਿਹ ਇੰਨੀ ਬੁਰੀ ਤਰ੍ਹਾਂ ਫੇਲ੍ਹ ਕਿਉਂ ਹੋ ਗਿਆ ਹੈ ਤੇ ਬਜਾਏ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਰਾਜ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੇ ਹਾਲਾਤ ਵਿਗੜਨ ’ਤੇ ਚੁੱਪ ਕਿਉਂ ਧਾਰੀ ਰੱਖੀ।