ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਅਲਟੀਮੇਟਮ ਤੋਂ ਬਾਅਦ ਖੇਤੀ ਬਿੱਲ ਪੇਸ਼ ਕੀਤੇ ਹਨ ਪਰ ਪੰਜਾਬ ਦੇ ਕਿਸਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਅਜੇ ਬਹੁਤ ਕੁੱਝ ਕਰਨ ਦੀ ਜ਼ਰੂਰਤ ਹੈ ਤੇ ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਕੇਂਦਰ ਤੋਂ ਕਿਸਾਨਾਂ ਦੇ ਹੱਕ ਲੈਣ ਵਾਸਤੇ ਪਾਰਟੀ ਦੇ ਸਾਰੇ ਵਿਧਾਇਕ ਸਮੂਹਿਕ ਤੌਰ ’ਤੇ ਅਸਤੀਫਾ ਦੇਣ ਲਈ ਤਿਆਰ ਹਨ।
ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਵਿਧਾਇਕ ਦਲ ਨੇ ਕਿਹਾ ਕਿ ਕਿਸਾਨਾਂ, ਖੇਤ ਮਜ਼ਦੂਰਾਂ ਤੇ ਆੜ੍ਹਤੀਆਂ ਸਮੇਤ ਤਿੰਨ ਕਰੋੜ ਪੰਜਾਬੀਆਂ ਲਈ ਨਿਆਂ ਹਾਸਲ ਕਰਨ ਦੀ ਲੜਾਈ ਹਾਲੇ ਸ਼ੁਰੂ ਹੋਈ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਸਪਸ਼ਟ ਭਰੋਸਾ ਦੇਣ ਕਿ ਜੇਕਰ ਕੇਂਦਰ ਸਰਕਾਰ ਭੱਜ ਗਈ ਤਾਂ ਫਿਰ ਸੂਬਾ ਸਰਕਾਰ ਕਣਕ, ਝੋਨੇ, ਕਪਾਹ ਤੇ ਮੱਕੀ ਸਮੇਤ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਐਮਐਸਪੀ ਅਨੁਸਾਰ ਖਰੀਦੇਗੀ।
ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੈ ਕਿ ਕਾਂਗਰਸ ਸਰਕਾਰ, ਜੋ ਵਿਸ਼ੇਸ਼ ਸੈਸ਼ਨ ਸੱਦਣ ਤੋਂ ਭੱਜ ਰਹੀ ਸੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਦਿੱਤੇ ਅਲਟੀਮੇਟਮ ਕਾਰਨ ਸੈਸ਼ਨ ਸੱਦਣ ਲਈ ਮਜਬੂਰ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਕਿਸਾਨਾਂ ਭਰਾਵਾਂ ਦੀ ਅਸਲ ਜਿੱਤ ਹੈ ਜਿਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਖੱਟਕੜ ਕਲਾਂ ਵਾਲੇ ਹਾਲ ਹੀ ਵਿਚ ਦਿੱਤੇ ਬਿਆਨ ਤੋਂ ਪਿੱਛੇ ਹਟਣ ਲਈ ਮਜਬੂਰ ਕੀਤਾ ਹੈ, ਜਿਥੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਸਤੇ ਵਿਸ਼ੇਸ਼ ਸੈਸ਼ਨ ਸੱਦਣ ਦੀ ਕੋਈ ਤੁਕ ਨਹੀਂ ਬਣਦੀ।