ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਫਦ ਨੇ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤ ਕੀਤੀ ਜਾਵੇ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀਬੀਆਈ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ।
ਵਫਦ ਨੇ ਇਹ ਵੀ ਮੰਗ ਕੀਤੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਾਂਗਰਸੀ ਆਗੂਆਂ ਵੱਲੋਂ ਕਥਿਤ ਤੌਰ 'ਤੇ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿੱਚ ਕਮਾਏ ਪੈਸੇ ਵਸੂਲੇ। ਵਫਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟੀਲਰੀਆਂ ਤੋਂ ਸਪੀਰਿਟ ਤੇ ਈਐਨਏ ਦੀ ਸਪਲਾਈ ਰੋਕੀ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰ ਜੋ ਇਸ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ, ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ।
ਵਫਦ, ਜਿਸ ਦੇ ਨਾਲ ਇਕ ਪੀੜਤ ਪਰਿਵਾਰ ਵੀ ਗਿਆ ਸੀ, ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਸਰਕਾਰੀ ਸਰਪ੍ਰਸਤੀ ਦਾ ਸਿੱਧਾ ਨਤੀਜਾ ਹੈ ਤੇ ਇਸੇ ਲਈ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਲੋਕ ਇਸ ਜ਼ਹਿਰੀਲੀ ਸ਼ਰਾਬ ਨਾਲ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ।