ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਬਰਖਾਸਤ ਆਈਜੀ ਪਰਮਰਾਜ ਉਮਰਾਨੰਗਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਫ਼ਰੀਦਕੋਟ ਅਦਾਲਤ ਨੇ ਦੋਵਾਂ ਦੀ ਜ਼ਮਾਨਤ ਅਰਜ਼ੀ ਖ਼ਾਰਿਜ ਕਰ ਦਿੱਤੀ ਸੀ। ਇਸ ਤੋਂ ਬਾਅਦ ਦੋਵਾਂ ਨੇ ਹਾਈਕੋਰਟ ਵਿੱਚ ਅਪੀਲ ਦਾਖ਼ਲ ਕੀਤੀ ਸੀ, ਪਰ ਦੋਵਾਂ ਪੱਖਾਂ ਵਿੱਚ ਤਕਰੀਬਨ ਦੋ ਘੰਟੇ ਤੱਕ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਅਗਲੀ ਤਰੀਕ 22 ਫ਼ਰਵਰੀ ਪਾ ਕੇ ਰਾਹਤ ਨਹੀਂ ਦਿੱਤੀ। ਇਸ ਦਾ ਮਤਲਬ ਇਹ ਹੈ ਕਿ ਸੁਮੇਧ ਸੈਣੀ ਤੇ ਉਮਰਾਨੰਗਲ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਬਲੈਂਕੇਟ ਬੇਲ ਮਿਲੀ ਹੋਈ ਹੈ, ਪਰ ਗ੍ਰਿਫ਼ਤਾਰੀ ਤੋਂ ਸੱਤ ਦਿਨ ਪਹਿਲਾਂ ਪੁਲਿਸ ਨੂੰ ਨੋਟਿਸ ਦੇਣਾ ਹੋਵੇਗਾ।
11 ਫਰਵਰੀ ਨੂੰ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਨੇ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਅਤੇ ਬਰਖਾਸਤ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਝਟਕਾ ਦਿੰਦਿਆਂ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਐਫਆਈਆਰ ਨੰਬਰ 130 ਵਿੱਚ ਲਗਾਈ ਤੇ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਿਜ ਕਰ ਦਿੱਤੀ ਸੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਟਾਰਨੀ ਫ਼ਰੀਦਕੋਟ ਰਜਨੀਸ਼ ਕੁਮਾਰ ਗੋਇਲ ਨੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਨੂੰ ਇਨ੍ਹਾਂ ਦੋਵਾਂ ਅਧਿਕਾਰੀਆਂ ਖ਼ਿਲਾਫ਼ ਕਾਫ਼ੀ ਮਜਬੂਤ ਗਵਾਹ ਮਿਲੇ ਹਨ, ਜਿਸ ਦੀ ਵਜ੍ਹਾ ਕਰਕੇ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।