ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਫਾਇਰਿੰਗ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ। ਇਸ ਦੌਰਾਨ ਹਾਈਕੋਰਟ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਮੰਗ ਉੱਤੇ 22 ਮਾਰਚ ਲਈ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਜਵਾਬ ਤਲਬ ਕੀਤਾ ਹੈ। ਨਾਲ ਹੀ ਹਾਈਕੋਰਟ ਨੇ ਅਗਲੀ ਸੁਣਵਾਈ ਤੱਕ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਤਤਕਾਲੀ ਪੰਜਾਬ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ। ਸੈਣੀ ਖ਼ਿਲਾਫ਼ ਐਸਆਈਟੀ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਵਿੱਚ ਵੀ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ ਅਤੇ ਇਸ ਮਾਮਲੇ ਦੇ ਵਿੱਚ ਵੀ ਹੇਠਲੀ ਅਦਾਲਤ ਵਿੱਚ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਿਜ ਕੀਤੀ ਸੀ, ਜਿਸ ਤੋਂ ਬਾਅਦ ਸੈਣੀ ਵੱਲੋਂ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ ਤੇ ਹਾਈਕੋਰਟ ਵਿੱਚ ਉਨ੍ਹਾਂ ਨੂੰ ਰਾਹਤ ਮਿਲੀ ਸੀ।