ਚੰਡੀਗੜ੍ਹ:ਦੇਸ਼ਭਰ ’ਚ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੇ ਖਿਲਾਫ ਨੌਜਵਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਵਿਰੋਧ ਦੇ ਚੱਲਦੇ ਨੌਜਵਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਉੱਥੇ ਹੀ ਹੁਣ ਇਸ ਅੱਗ ਦਾ ਸੇਕ ਦੇਸ਼ ਦੇ ਵੱਖ ਵੱਖ ਸੂਬਿਆਂ ’ਚ ਦੇਖਣ ਨੂੰ ਮਿਲਣ ਲੱਗਾ ਹੈ। ਦੂਜੇ ਪਾਸੇ ਵਿਰੋਧੀਆਂ ਵੱਲੋਂ ਵੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਨੌਜਵਾਨਾਂ ਦੇ ਨਾਲ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਹੋ ਗਈਆਂ ਹਨ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਸਾਫ ਕਰ ਦਿੱਤਾ ਹੈ ਕਿ ਉਹ ਅਗਨੀਪਥ ਸਕੀਮ ਦੇ ਖਿਲਾਫ ਨੌਜਵਾਨਾਂ ਦਾ ਸਾਥ ਦੇਣਗੇ। ਇਸ ਸਬੰਧੀ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਰਾਕੇਸ਼ ਟਿਕੈਤ ਵੱਲੋਂ ਕੀਤੇ ਗਏ ਟਵੀਟ ਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦਾ 24 ਜੂਨ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ਭਰ ’ਚ ਜਿਲ੍ਹਾ ਤਹਿਸੀਲ ਦਫਤਰਾਂ ’ਚ ਵਿਰੋਧ ਪ੍ਰਦਰਸ਼ਨ ਕਰਨਗੇ।
ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੀ ਕੋਆਰਡੀਨੇਸ਼ਨ ਕਮੇਟੀ ਕਰਨਾਲ ਵੱਲੋਂ ਫੈਸਲਾ ਲਿਆ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਨੌਜਵਾਨਾਂ, ਸੰਗਠਨਾਂ ਅਤੇ ਪਾਰਟੀਆਂ ਨੂੰ ਇਸ ਨਾਲ ਜੁੜਨ ਦੀ ਅਪੀਲ ਵੀ ਕੀਤੀ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਯੁਨੀਅਨ ਨੇ 30 ਜੂਨ ਨੂੰ ਰੋਸ ਪ੍ਰਦਰਸ਼ਨ ਕਰਨ ਦੀ ਥਾਂ ਇਸ ਨੂੰ 24 ਜੂਨ ਨੂੰ ਕਰਨ ਦਾ ਫੈਸਲਾ ਕੀਤਾ ਹੈ।