ਚੰਡੀਗੜ੍ਹ: ਇੱਕ ਪਾਸੇ ਜਿੱਥੇ 2022 ਦੀਆਂ ਵਿਧਾਨਸਭਾ ਚੋਣਾਂ ਆਉਣ ਵਾਲੀਆਂ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦਾ ਰਾਜਨੀਤੀਕ ਪਾਰਟੀਆਂ ਖਿਲਾਫ ਵਿਰੋਧ ਤੇਜ਼ ਹੁੰਦਾ ਜਾ ਰਿਹਾ ਹੈ। ਸੂਬੇ ਭਰ ’ਚ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਮੋਗਾ ਚ ਹੋਏ ਕਿਸਾਨਾਂ ’ਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ ਜਾ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਸ਼ੁਰੂ ਕੀਤੀ ‘ਗੱਲ ਪੰਜਾਬ ਦੀ‘ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
ਕਿਸਾਨਾਂ ਦੀ ਚਿਤਾਵਨੀ
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ 32 ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ 32 ਜਥੇਬੰਦੀਆਂ ਵੱਲੋਂ ਸੁਖਬੀਰ ਬਾਦਲ ਦੀ ਰੈਲੀ ਦੌਰਾਨ ਕੀਤੀ ਗਈ ਬਦਸਲੂਕੀ ਅਤੇ ਲਾਠੀਚਾਰਜ ਦੀ ਨਿਖੇਧੀ ਕੀਤੀ । ਨਾਲ ਹੀ ਕਿਸਾਨ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋ ਤੱਕ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਨਹੀਂ ਹੋ ਜਾਂਦਾ ਉਸ ਸਮੇਂ ਤੱਕ ਸਿਆਸੀ ਪਾਰਟੀਆਂ ਪੰਜਾਬ ’ਚ ਆਪਣੀਆਂ ਰੈਲੀਆਂ ਨਾ ਕਰਨ ਅਤੇ ਜੋ ਰੈਲੀਆਂ ਕਰ ਰਹੀਆਂ ਹਨ ਉਹ ਬੰਦ ਕਰਨ ਦੇਣ।
ਕਿਸਾਨਾਂ ’ਤੇ ਦਰਜ ਮਾਮਲੇ ਹੋਣ ਰੱਦ
ਸੰਯੁਕਤ ਕਿਸਾਨ ਮੋਰਚੇ ਨੇ ਅਪੀਲ ਕੀਤੀ ਕਿ ਪੰਜਾਬ 'ਚ ਕਿਸਾਨਾਂ 'ਤੇ ਦਰਜ਼ ਕੀਤੇ ਕੇਸਾਂ ਨੂੰ ਤੁਰੰਤ ਰੱਦ ਕੀਤੇ ਜਾਣੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ 8 ਤਰੀਕ ਦਾ ਸਮਾਂ ਦਿੱਤਾ ਹੈ।