ਚੰਡੀਗੜ੍ਹ:ਇੱਕ ਪਾਸੇ ਜਿੱਥੇ ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਉਮੀਦਵਾਰਾਂ ਵੱਲੋਂ ਆਪਣੇ ਆਪਣੇ ਹਲਕੇ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਾਰੇ ਪਾਸੇ ਤੋਂ ਘਿਰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ 1988 ਦੇ ਰੋਡ ਰੇਜ਼ ਮਾਮਲੇ ’ਚ ਸੁਪਰੀਮ ਕੋਰਟ ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਾਮਲੇ ’ਚ ਸਿੱਧੂ ਨੂੰ ਰਾਹਤ ਦਿੰਦੇ ਹੋਏਕੇਸ ਦੀ ਸੁਣਵਾਈ ਅੱਗੇ ਪਾ ਦਿੱਤੀ ਹੈ। ਹੁਣ ਇਸ ਮਾਮਲੇ ਵਿੱਚ 25 ਫਰਵਰੀ ਨੂੰ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਸਿੱਧੂ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ. ਚਿਦਾਂਬਰਮ ਪੇਸ਼ ਹੋਏ ਜਿੰਨ੍ਹਾਂ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਇਸ ਮਾਮਲੇ ਦੀ ਸੁਣਵਾਈ 4 ਹਫ਼ਤੇ ਲਈ ਅੱਗੇ ਪਾ ਦਿੱਤੀ ਜਾਵੇ। ਅਦਾਲਤ ਨੇ ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਵਾਈ ਦੀ ਤਰੀਕ ਅੱਗੇ ਪਾ ਦਿੱਤੀ।
ਸਟਾਰ ਪ੍ਰਚਾਰਕ ਸੂਚੀ ’ਚ ਸਿੱਧੂ ਦਾ ਨਾਂ ਗਾਇਬ
ਦੇਸ਼ ਦੇ ਪੰਜ ਸੂਬਿਆਂ ਚ ਵਿਧਾਨਸਬਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹਨ। ਜਿਸ ਦੇ ਚੱਲਦੇ ਹਰ ਇੱਕ ਪਾਰਟੀ ਵੱਲੋਂ ਆਪਣੇ ਚੋਣ ਪ੍ਰਚਾਰ ’ਚ ਤੇਜ਼ੀ ਲਿਆਈ ਜਾ ਰਹੀ ਹੈ। ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਉਤਰਾਖੰਡ 'ਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕੀਤਾ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸੂਚੀ ’ਚ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਨਾਂ ਸ਼ਾਮਲ ਹੈ ਪਰ ਨਵਜੋਤ ਸਿੰਘ ਸਿੱਧੂ ਦਾ ਇਸ ਸੂਚੀ ਨਾਂ ਸ਼ਾਮਲ ਨਹੀਂ ਹੈ।
ਸਿੱਧੂ ਦੀ ਭੈਣ ਦਾ ਇਲਜ਼ਾਮ
ਚੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਭੈਣ ਵੱਲੋਂ ਉਨ੍ਹਾਂ ’ਤੇ ਇਲਜ਼ਾਮ ਲਗਾਇਆ ਹੈ। ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਅਚਾਨਕ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆ ਉਨ੍ਹਾਂ ਉੱਤੇ ਜ਼ਿਆਦਤੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਕਾਰਨ ਉਨ੍ਹਾਂ ਦੀ ਮਾਂ ਨੂੰ ਘਰ ਤੋਂ ਬਾਹਰ ਕੱਢਿਆ ਸੀ ਅਤੇ ਰੇਲਵੇ ਸਟੇਸ਼ਨ ਉੱਤੇ ਮਾਂ ਦੀ ਲਾਵਾਰਸ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਪ੍ਰੈਸ ਕਾਨਫਰੰਸ ਕਰਦਿਆਂ ਸੁਮਨ ਤੂਰ ਭਾਵੁਕ ਹੋ ਗਈ ਅਤੇ ਰੋ-ਰੋ ਕੇ ਉਨ੍ਹਾਂ ਨੇ ਆਪਣੀ ਮਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਇਸ ਮਾਮਲੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ। ਬਿਕਰਮ ਮਜੀਠੀਆ ਨੇ ਤਾਂ ਇੱਥੋ ਤੱਕ ਕਹਿ ਦਿੱਤਾ ਸੀ ਕਿ ਜਦੋਂ ਸਿੱਧੂ ਆਪਣੀ ਮਾਂ ਦਾ ਨਹੀਂ ਬਣ ਸਕਿਆ ਤਾਂ ਉਹ ਪੰਜਾਬ ਦਾ ਕਿਵੇਂ ਬਣ ਸਕਦਾ ਹੈ।