ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਪੂਰੀ ਤਰ੍ਹਾਂ ਭੱਖ ਗਿਆ ਹੈ। ਬੁੱਧਵਾਰ ਨੂੰ ਦਿੱਲੀ-ਚੰਡੀਗੜ੍ਹ ਹਾਈਵੇ 'ਤੇ ਦਿੱਲੀ ਆ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ-ਪ੍ਰਸ਼ਾਸਨ ਨੇ ਕੁਰੂਕਸ਼ੇਤਰ ਵਿੱਚ ਟਿਓਰਾ ਥੀਹ ਨੇੜੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਕਾਰਨ ਨਾਰਾਜ਼ ਕਿਸਾਨ ਪੁਲਿਸ ਨਾਲ ਭਿੜ ਗਏ। ਸ਼ਾਹਬਾਦ ਤੱਕ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਤਿੰਨ ਘੰਟਿਆਂ ਦਾ ਹਾਈ ਵੋਲਟੇਜ ਡਰਾਮਾ ਹੋਇਆ।
ਅਰਧ ਸੈਨਿਕ ਬਲਾਂ ਦੀ ਤਾਇਨਾਤੀ
ਕਿਸਾਨਾਂ ਦੇ 26 ਅਤੇ 27 ਨਵੰਬਰ ਨੂੰ ਦਿੱਲੀ ਚਲੋ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਸਰਹੱਦ 'ਤੇ ਚੌਕਸੀ ਤੇਜ਼ ਕਰ ਦਿੱਤੀ ਹੈ। ਕਿਸਾਨਾਂ ਨੂੰ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਮੰਗਲਵਾਰ ਰਾਤ ਤੋਂ ਹੀ ਸਾਰੀਆਂ ਸਰਹੱਦਾਂ 'ਤੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਦਿੱਲੀ ਸਰਹੱਦ ਦੇ ਨਾਲ ਲੱਗਦੇ ਵੱਡੇ ਮਾਰਗਾਂ 'ਤੇ ਬੈਰੀਕੇਡਿੰਗ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਦਿੱਲੀ ਨਹੀਂ ਆਉਣਾ ਚਾਹੀਦਾ।