ਪੰਜਾਬ

punjab

'ਕੈਪਟਨ ਨੂੰ ਸਵਾਲ' ਦੌਰਾਨ ਐਸਵਾਈਐਲ, ਖੇਤੀ ਆਰਡੀਨੈਂਸਾਂ ਅਤੇ ਨੌਕਰੀਆਂ ਵਰਗੇ ਮੁੱਦਿਆਂ 'ਤੇ ਕੀ ਰਿਹਾ ਖ਼ਾਸ, ਜਾਣੋ

By

Published : Aug 21, 2020, 9:40 PM IST

Updated : Aug 21, 2020, 11:00 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਵਾਈਐਲ 'ਤੇ ਹਰਿਆਣਾ ਦੇ ਮੁੱਖ ਮੰਤਰੀ ਕੋਲੋਂ ਉਮੀਦ ਜਤਾਈ ਹੈ ਕਿ ਉਹ ਇਸ ਮੁੱਦੇ 'ਤੇ ਪੰਜਾਬ ਦਾ ਦ੍ਰਿਸ਼ਟੀਕੋਣ ਜ਼ਰੂਰ ਵੇਖਣਗੇ। ਇਸ ਦੇ ਨਾਲ ਹੀ ਖੇਤੀ ਆਰਡੀਨੈਂਸਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਕਿਸੇ ਕੀਮਤ 'ਤੇ ਮਨਜ਼ੂਰ ਨਹੀਂ ਕੀਤੇ ਜਾਣਗੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਚੰਗੀ ਤਰ੍ਹਾਂ ਪੱਕੀ ਫਸਲ ਹੀ ਲੈ ਕੇ ਆਉਣ।

'ਕੈਪਟਨ ਨੂੰ ਸਵਾਲ' ਦੌਰਾਨ ਐਸਵਾਈਐਲ, ਖੇਤੀ ਆਰਡੀਨੈਂਸਾਂ ਅਤੇ ਨੌਕਰੀਆਂ ਵਰਗੇ ਮੁੱਦਿਆਂ 'ਤੇ ਕੀ ਰਿਹਾ ਖ਼ਾਸ, ਜਾਣੋ
'ਕੈਪਟਨ ਨੂੰ ਸਵਾਲ' ਦੌਰਾਨ ਐਸਵਾਈਐਲ, ਖੇਤੀ ਆਰਡੀਨੈਂਸਾਂ ਅਤੇ ਨੌਕਰੀਆਂ ਵਰਗੇ ਮੁੱਦਿਆਂ 'ਤੇ ਕੀ ਰਿਹਾ ਖ਼ਾਸ, ਜਾਣੋ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਉਮੀਦ ਪ੍ਰਗਟਾਈ ਕਿ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਸਤਲੁਜ-ਯਮਨਾ ਲਿੰਕ (ਐਸਵਾਈਐਲ) ਉਪਰ ਪੰਜਾਬ ਦਾ ਦ੍ਰਿਸ਼ਟੀਕੋਣ ਜ਼ਰੂਰ ਵੇਖਣਗੇ।

ਹਰਿਆਣਾ ਕੋਲ ਪਹਿਲਾਂ ਹੀ ਪੰਜਾਬ ਨਾਲੋਂ ਇੱਕ ਐਮਐਫਏ ਪਾਣੀ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਸ਼ਾਰਦਾ-ਯਮਨਾ ਲਿੰਕ ਨਹਿਰ ਪ੍ਰਾਜੈਕਟ ਰਾਹੀਂ ਪੰਜਾਬ ਨਾਲੋਂ 1 ਐਮਏਐਫ ਵੱਧ ਪਾਣੀ ਲੈ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਸ ਮੁੱਦੇ ਨੂੰ ਯਥਾਰਥਿਕ ਨਜ਼ਰੀਏ ਤੋਂ ਦੇਖਣਗੇ ਜਦੋਂ ਉਹ ਇਸ ਉਤੇ ਵਿਚਾਰ ਚਰਚਾ ਕਰਨ ਲਈ ਜਲਦ ਹੀ ਮਿਲਣਗੇ।

ਖੇਤੀ ਆਰਡੀਨੈਂਸਾਂ ਨੂੰ ਕਿਸੇ ਕੀਮਤ 'ਤੇ ਮਨਜੂਰ ਨਹੀਂ ਕੀਤਾ ਜਾਵੇਗਾ

ਖੇਤੀਬਾੜੀ ਆਰਡੀਨੈਂਸਾਂ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਹੈ ਅਤੇ ਉਹ ਇਨ੍ਹਾਂ ਨੂੰ ਕਿਸੇ ਕੀਮਤ 'ਤੇ ਮਨਜ਼ੂਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ 'ਤੇ ਆਧਾਰਿਤ ਇਨ੍ਹਾਂ ਆਰਡੀਨੈਂਸਾਂ ਦਾ ਉਦੇਸ਼ ਐਫਸੀਆਈ. ਨੂੰ ਖਤਮ ਕਰਨਾ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਬੰਦ ਕਰਨਾ ਹੈ ਜਿਸ ਨਾਲ ਕਿਸਾਨੀ ਬਿਲਕੁਲ ਹੀ ਮਰ ਜਾਵੇਗੀ।

ਲੋਕਾਂ ਦੀਆਂ ਜਾਨਾਂ ਬਚਾਉਣ ਲਈ 31 ਤੋਂ ਬਾਅਦ ਹੋਰ ਸਖ਼ਤ ਕਦਮ ਚੁਕੇ ਜਾ ਸਕਦੇ ਨੇ

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਅੰਦਰ 31 ਅਗਸਤ ਤੱਕ ਨਵੀਆਂ ਲੌਕਡਾਊਨ ਪਾਬੰਦੀਆਂ ਦੇ ਐਲਾਨ ਦੇ ਇੱਕ ਦਿਨ ਬਾਅਦ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾਂ ਤੋਂ ਇਲਾਵਾ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ 'ਤੇ ਰੋਕ ਲਈ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੋਈ ਵੀ ਸਖਤ ਕਦਮ ਚੁੱਕਣ ਤੋਂ ਨਹੀਂ ਝਿਜਕਣਗੇ। ਉਨ੍ਹਾਂ ਕਿਹਾ ਜੇਕਰ ਜ਼ਰੂਰਤ ਪਈ ਤਾਂ 31 ਅਗਸਤ ਤੋਂ ਬਆਦ ਹੋਰ ਸਖਤ ਕਦਮ ਵੀ ਚੁੱਕੇ ਜਾਣਗੇ।

ਮੁੱਖ ਮੰਤਰੀ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਧਰਨਿਆਂ ਸਮੇਤ ਸਾਰੇ ਇਕੱਠਾਂ ਤੋਂ ਬਚਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਕੋਵਿਡ ਮਾਮਲਿਆਂ ਦੀ ਗਿਣਤੀ 37,824 ਤੱਕ ਪੁੱਜ ਗਈ ਹੈ, ਜੋ ਕਿ ਟੈਸਟਿੰਗ ਵਿੱਚ ਕੀਤੇ ਵਾਧੇ ਨਾਲ ਸਾਹਮਣੇ ਆਈ ਹੈ।

ਕੈਪਟਨ ਦੀ ਕਿਸਾਨਾਂ ਨੂੰ ਅਪੀਲ, ਵਾਢੀ ਉਦੋਂ ਹੀ ਕੀਤੀ ਜਾਵੇ, ਜਦੋਂ ਫ਼ਸਲ ਪੂਰੀ ਤਰ੍ਹਾਂ ਪੱਕ ਜਾਵੇ

ਸਰਕਾਰ ਦੇ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ ਹੋਣ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੰਡੀਆਂ ਵਿੱਚ ਛੇਤੀ ਫ਼ਸਲ ਲਿਆਉਣਾ ਨੁਕਸਾਨਦਾਇਕ ਹੋਵੇਗਾ ਕਿਉਂਕਿ ਫ਼ਸਲ ਚੰਗੀ ਤਰ੍ਹਾਂ ਪੱਕੀ ਨਹੀਂ ਹੋਵੇਗੀ। ਸਮਰਾਲਾ ਦੇ ਇਕ ਵਸਨੀਕ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਢੀ ਉਦੋਂ ਹੀ ਕੀਤੀ ਜਾਵੇ, ਜਦੋਂ ਤੱਕ ਫ਼ਸਲ ਪੂਰੀ ਤਰ੍ਹਾਂ ਪੱਕ ਜਾਵੇ।

ਨੌਕਰੀਆਂ ਦੇਣ ਦੀ ਪ੍ਰਕਿਰਿਆ ਅਗਲੇ ਮਹੀਨੇ ਤੋਂ ਹੋਵੇਗੀ ਸ਼ੁਰੂ

ਛੇ ਲੱਖ ਨੌਕਰੀਆਂ ਦੇਣ ਦੀ ਪ੍ਰਕਿਰਿਆ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰਕਿਰਿਆ ਵਿੱਤੀ ਵਰ੍ਹੇ 2021-22 ਵਿਚਕਾਰ ਸ਼ੁਰੂ ਹੋਵੇਗੀ, ਜਿਸ ਵਿੱਚੋਂ ਇੱਕ ਲੱਖ ਸਰਕਾਰੀ ਨੌਕਰੀਆਂ ਅਗਲੇ ਮਹੀਨੇ ਤੋਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

Last Updated : Aug 21, 2020, 11:00 PM IST

ABOUT THE AUTHOR

...view details