ਚੰਡੀਗੜ੍ਹ:ਭਾਜਪਾ ਨੇ ਰਾਸ਼ਟਰਪਤੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਬੀਜੇਪੀ ਦਾ ਸਮਰਥਨ ਕਰਨ ਦੇ ਲਈ ਹਾਮੀ ਭਰ ਦਿੱਤੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈਸ ਕਾਨਫਰੰਸ ਕਰ ਬੀਜੇਪੀ ਦੀ ਰਾਸ਼ਟਰਪਤੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦੀ ਗੱਲ ਆਖੀ।
ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਨਾਲ ਜਾਣ ਦਾ ਸਾਡਾ ਕੋਈ ਮਤਲਬ ਨਹੀਂ ਬਣਦਾ ਹੈ। ਉਹ ਬਿਲਕੁੱਲ ਵੀ ਕਾਂਗਰਸ ਦਾ ਸਾਥ ਨਹੀਂ ਦੇ ਸਕਦੇ। ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕੀਤਾ। ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ। ਜਿਸ ਕਾਰਨ ਉਹ ਕਾਂਗਰਸ ਨੂੰ ਬਿਲਕੁੱਲ ਵੀ ਸਪਰੋਟ ਨਹੀਂ ਕਰਨਗੇ।
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਬੀਜੇਪੀ ਦੇ ਨਾਲ ਵੀ ਕਾਫੀ ਮਤਭੇਦ ਰਹੇ ਹਨ। ਇਸ ਤੋਂ ਇਲਾਵਾ ਦ੍ਰੋਪਦੀ ਮੁਰਮੂ ਐਸਟੀ ਭਾਈਚਾਰੇ ਤੋਂ ਆਉਂਦੇ ਹਨ। ਇਸ ਲਈ ਉਹ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਇਸ ਬਾਰੇ ਉਨ੍ਹਾਂ ਨੂੰ ਦ੍ਰੋਪਦੀ ਮੁਰਮੂ ਦਾ ਫੋਨ ਵੀ ਆਇਆ ਸੀ। ਜਿਸ ਚ ਉਨ੍ਹਾਂ ਨੇ ਸਮਰਥਨ ਦੇਣ ਦੀ ਗੱਲ ਆਖੀ ਸੀ। ਬੀਤੇ ਦਿਨ ਉਨ੍ਹਾਂ ਕੋਲ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀ ਗੱਲ ਕੀਤੀ। ਜਿਸ ’ਤੇ ਉਨ੍ਹਾਂ ਨੇ ਫੈਸਲਾ ਲੈਂਦਿਆ ਬੀਜੇਪੀ ਉਮੀਦਵਾਰ ਦ੍ਰੋਪਦੀ ਮੁਰਮੂ ਦਾ ਸਮਰਥਨ ਦੇਣ ਲਈ ਤਿਆਰ ਹੋ ਗਏ ਹਨ।
ਦ੍ਰੌਪਦੀ ਮੁਰਮੂ ਨੂੰ ਸਮਰਥਨ ਦੇਵੇਗਾ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਲੁਧਿਆਣਾ ਰੂਰਲ ਦੇ ਪ੍ਰਧਾਨ ਰਣਜੀਤ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਅੱਗੇ 2 ਆਪਸ਼ਨ ਸੀ ਜਿਨ੍ਹਾਂ ਚੋਂ ਇੱਕ ਕਾਂਗਰਸ ਅਤੇ ਦੂਜਾ ਭਾਜਪਾ ਦਾ ਉਮੀਦਵਾਰ ਹੈ। ਉਨ੍ਹਾਂ ਕਿਹਾ ਇਸ ਸਬੰਧੀ ਬਕਾਇਦਾ ਫੋਨ ਕਰਕੇ ਭਾਜਪਾ ਦੇ ਪ੍ਰਧਾਨ ਨੇ ਸਮਰਥਨ ਮੰਗਿਆ ਸੀ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਚ ਇਸ ਸਬੰਧੀ ਫੈਸਲਾ ਵੀ ਲਿਆ ਗਿਆ ਸੀ। ਉਨ੍ਹਾਂ ਵੱਲੋਂ ਬੀਜੇਪੀ ਦੀ ਮਹਿਲਾ ਉਮੀਦਵਾਰ ਨੂੰ ਸਮਰਥਨ ਦਿੱਤਾ ਜਾਵੇਗਾ ਜੋ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਹੈ।
ਖੇਤੀ ਕਾਨੂੰਨਾਂ ਕਾਰਨ ਹੋਏ ਸੀ ਵੱਖ: ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਰੀਬ 24 ਸਾਲ ਰਿਹਾ ਹੈ। ਪਿਛਲੇ ਸਾਲ ਕੇਂਦਰ ਸਰਕਾਰ ਨੇ ਖੇਤੀ ਸੁਧਾਰ ਕਾਨੂੰਨ ਲਿਆਂਦਾ ਸੀ। ਇਸ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਸਭ ਤੋਂ ਪਹਿਲਾਂ ਕੇਂਦਰ ਵਿੱਚ ਹਰਸਿਮਰਤ ਬਾਦਲ ਦਾ ਮੰਤਰੀ ਅਹੁਦਾ ਛੱਡ ਦਿੱਤਾ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਭਾਜਪਾ ਨਾਲ ਆਪਣੀ ਸਾਂਝ ਤੋੜ ਦਿੱਤੀ ਗਈ। ਪੰਜਾਬ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਇਕੱਠੇ ਹੋਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਦੋਵਾਂ ਪਾਰਟੀਆਂ ਨੂੰ ਚੋਣਾਂ 'ਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਇਹ ਕਵਾਇਦ ਅੱਗੇ ਨਹੀਂ ਵਧ ਸਕੀ।
ਭਾਜਪਾ ਛੱਡਣ ਦਾ ਅਕਾਲੀ ਦਲ ਨੂੰ ਨੁਕਸਾਨ:ਭਾਜਪਾ ਨੂੰ ਛੱਡਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਆਦਾ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਿੱਚ ਉਨ੍ਹਾਂ ਦੀ ਪ੍ਰਤੀਨਿਧਤਾ ਖ਼ਤਮ ਹੋ ਗਈ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸਿਰਫ਼ 3 ਸੀਟਾਂ ਮਿਲੀਆਂ। ਹਾਲਾਂਕਿ ਭਾਜਪਾ ਵੀ ਸਿਰਫ਼ ਦੋ ਸੀਟਾਂ 'ਤੇ ਹੀ ਸਿਮਟ ਗਈ। ਜੇਕਰ ਦੋਵੇਂ ਇਕੱਠੇ ਹੁੰਦੇ ਤਾਂ ਲਗਭਗ 9 ਸੀਟਾਂ ਹੋਰ ਜਿੱਤ ਸਕਦੇ ਸਨ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ 5ਵੇਂ ਨੰਬਰ 'ਤੇ ਆਉਣ ਤੋਂ ਬਾਅਦ ਅਕਾਲੀ ਦਲ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜੋ:ਸੰਗਰੂਰ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਮੁਲਜ਼ਮ ਕਾਬੂ