ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀ ਦੇ ਸਰਪ੍ਰਸਤ ਅਤੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਦੇਸ਼ ਵੱਲੋਂ ਦਿੱਤੇ ਪਦਮ ਵਿਭੂਸ਼ਣ ਐਵਾਰਡ ਮੋੜਨ ਦਾ ਜ਼ੋਰਦਾਰ ਸਵਾਗਤ ਕੀਤਾ ਹੈ।
ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਹਮੇਸ਼ਾਂ ਮੂਹਰੇ ਹੋ ਕੇ ਲੜੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਜਦੋਂ ਅੰਨਦਾਤਾ ਕੜਾਕੇ ਦੀ ਠੰਢ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰ ਰਿਹਾ ਹੈ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਦੀ ਸੇਵਾ ਬਦਲੇ ਦੇਸ਼ ਵੱਲੋਂ ਦਿੱਤਾ ਐਵਾਰਡ ਵਾਪਸ ਮੋੜਨ ਦਾ ਫੈਸਲਾ ਕੀਤਾ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਦਮ ਨਾਲ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ ਕਿ ਕੇਂਦਰ ਸਰਕਾਰ ’ਤੇ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਰੋਸ ਵਿਖਾ ਕ ਰਹੇ ਕਿਸਾਨਾਂ ਦੀ ਹਾਲਤ ਪ੍ਰਤੀ ਕੋਈ ਅਸਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਹੁਣ ਇਹ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨ ਲਈ ਕਹਿਣ ਤਾਂ ਜੋ ਸਰਕਾਰ ਉਨ੍ਹਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਦੂਰ ਕਰੇ।
ਮਲੂਕਾ ਅਤੇ ਡਾ. ਚੀਮਾ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕੇਂਦਰ ਸਰਕਾਰ ਨੇ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੁੰ ਧੋਖਾ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਦੋਂ ਆਰਡੀਨੈਂਸਾਂ ਬਦਲੇ ਬਿੱਲ ਲਿਆਂਦੇ ਜਾਣਗੇ ਅਤੇ ਐਕਟ ਬਣਾਏ ਜਾਣ ਤਾਂ ਉਸ ਵੇਲੇ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹੀ ਗੱਲ ਅਕਾਲੀ ਦਲ ਨੇ ਕਿਸਾਨਾਂ ਨੂੰ ਕਹੀ ਸੀ ਪਰ ਕੇਂਦਰ ਸਰਕਾਰ ਨੇ ਇਹ ਤਿੰਨੇ ਬਿੱਲ ਪੇਸ਼ ਕਰ ਕੇ ਪਾਸ ਕਰਵਾ ਦਿੱਤੇ ਅਤੇ ਕਾਲੇ ਕਾਨੂੰਨ ਬਣਾ ਦਿੱਤੇ ਜਿਸ ਖਿਲਾਫ ਕਿਸਾਨ ਹੁਣ ਰੋਸ ਪ੍ਰਗਟਾ ਰਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਮਾਮਲੇ ਦੀ ਗੰਭੀਰਤਾ ਸਮਝਣ। ਨਾਲ ਹੀ ਉਨ੍ਹਾਂ ਤਿੰਨੇ ਕਾਨੂੰਨ ਤੁਰੰਤ ਖਾਰਜ ਕੀਤੇ ਜਾਣ ਦੀ ਮੰਗ ਕੀਤੀ।
ਇਸੇ ਦੌਰਾਨ ਮਲੂਕਾ ਅਤੇ ਡਾ. ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪਿੰਡ ਦਾ ਸਰਪੰਚ ਬਣਨ ਤੋਂ ਲੈ ਕੇ ਸਿਆਸੀ ਜੀਵਨ ਵਿੱਚ ਬਹੁਤ ਬੁਲੰਦੀਆਂ ਛੂਹੀਆਂ ਅਤੇ ਹਮੇਸ਼ਾ ਕਿਸਾਨਾਂ ਦੇ ਮਸਲੇ ਹੱਲ ਕੀਤੇ। ਚਾਹੇ ਉਹ ਟਰੈਕਟਰਾਂ ’ਤੇ ਟੈਕਸ ਖਤਮ ਕਰਨਾ ਹੋਵੇ, ਸਾਰੀਆਂ ਲਹਿਰਾਂ 'ਤੇ ਖਾਲਾਂ ਦੀ ਲਾਈਨਿੰਗ ਹੋਵੇ, ਅਨਾਜ ਮੰਡੀਆਂ ਦਾ ਆਧੁਨਿਕੀਕਰਣ ਹੋਵੇ ਜਾਂ ਫਿਰ ਕਿਸਾਨਾਂ ਨੁੰ ਮੁਫਤ ਬਿਜਲੀ ਪ੍ਰਦਾਨ ਕਰਨੀ ਹੋਵੇ।