ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਬਿਆਨ ਨੂੰ ਲੈ ਕੇ ਆਪਣੇ-ਆਪ ‘ਚ ਉਲਝੇ ਨਜ਼ਰ ਆ ਰਹੇ ਹਨ। ਸਿੱਧੂ ਨੇ ਪਿਛਲੇ ਦਿਨ ਅੰਮ੍ਰਿਤਸਰ ਵਿੱਚ ਇਹ ਬਿਆਨ ਦਿੱਤਾ ਸੀ ਕਿ ਜੇਕਰ ਉਨ੍ਹਾਂ ਨੂੰ ਫੈਸਲੇ ਲੈਣ ਦੀ ਖੁੱਲ੍ਹ ਨਾ ਦਿੱਤੀ ਗਈ ਤਾਂ ਉਹ ਇੱਟ ਨਾਲ ਇੱਟ ਖੜਕਾ ਦੇਣਗੇ। ਸਿੱਧੂ ਦੇ ਇਸ ਬਿਆਨ ਨੇ ਕਾਂਗਰਸ ਵਿੱਚ ਭੁਚਾਲ ਲਿਆ ਦਿੱਤਾ ਹੈ। ਜੇਕਰ ਕਾਂਗਰਸ ਹਾਈਕਮਾਨ ਇਸ ਬਿਆਨ ਨੂੰ ਗੰਭੀਰਤਾ ਨਾਲ ਲੈਂਦਾ ਹੈ ਤਾਂ ਸਿੱਧੂ ਨੂੰ ਅਹੁਦੇ ਤੋਂ ਹਟਾਇਆ ਵੀ ਜਾ ਸਕਦਾ ਹੈ। ਦੂਜੀ ਪਾਸੇ ਨਵਜੋਤ ਸਿੰਘ ਸਿੱਧੂ ਦਾ ਵਿਰੋਧੀ ਧੜਾ ਵੀ ਪੂਰਾ ਸਰਗਰਮ ਹੋ ਗਿਆ ਹੈ। ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਡਿਨਰ ਡਿਪਲੋਮੈਸੀ ਤਹਿਤ ਆਪਣੀ ਤਾਕਤ ਦਾ ਵਿਖਾਵਾ ਕੀਤਾ ਸੀ ਉਥੇ ਨਾਲ ਹੀ ਤੁਰੰਤ ਦੂਜੇ ਸੀਨੀਅਰ ਆਗੂਆਂ ਨਾਲ ਰਾਬਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਇਸ ਮੁੱਦੇ ਉੱਤੇ ਸੂਬੇ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਵੀ ਸਾਫ਼ ਕਰ ਦਿੱਤਾ ਕਿ ਸਿਧੁ ਦੇ ਬਿਆਨ ਦੀ ਹਾਈਕਮਾਨ ਜਾਂਚ ਜਰ ਰਹੀ ਹੈ ਅਤੇ ਉਹੀ ਇਸ ਮਾਮਲੇ ‘ਤੇ ਵੇਖੇਗੀ ਕਿ ਅੱਗੇ ਕੀ ਕਰਨਾ ਹੈ ।
ਇਸੇ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਿਸ ਦੀ ਇੱਟ ਨਾਲ ਇੱਟ ਖੜਕਾਉਣ ਦੀ ਗੱਲ ਕਰ ਰਹੇ ਹਨ। ਸਾਰੇ ਜਾਣਦੇ ਹਨ ਤੇ ਛੇਤੀ ਹੀ ਜਾਣਕਾਰੀ ਮਿਲ ਜਾਏਗੀ ਕਿ ਨਵਜੋਤ ਸਿੰਘ ਸਿੱਧੂ ਦਾ ਕਾਂਗਰਸ ਵਿੱਚੋਂ ਬਿਸਤਰਾ ਗੋਲ ਹੋ ਜਾਵੇਗਾ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ ।