ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਦੱਸ ਦਈਏ ਕਿ ਸ਼ਗਨਪ੍ਰੀਤ ਨੇ ਖੁਦ ਨੂੰ ਮੂਸੇਵਾਲਾ ਦਾ ਮੈਨੇਜਰ ਦੱਸਿਆ ਹੈ।
4 ਜੁਲਾਈ ਨੂੰ ਅਗਲੀ ਸੁਣਵਾਈ: ਮਿਲੀ ਜਾਣਕਾਰੀ ਮੁਤਾਬਿਕ ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗਨਪ੍ਰੀਤ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਮਾਮਲੇ ’ਚ ਹਾਈ ਕੋਰਟ ਨੇ ਕਿਹਾ ਕਿ ਇਹ ਇੱਕ ਵਿਵਾਦਪੂਰਨ ਮਾਮਲਾ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਣੀ ਹੈ।
ਦੋ ਪਟੀਸ਼ਨਾਂ ਕੀਤੀਆਂ ਗਈਆਂ ਦਾਇਰ: ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ਗਨਪ੍ਰੀਤ ਵੱਲੋਂ ਦਾਇਰ ਕੀਤੀ ਗਈ ਪਹਿਲੀ ਪਟੀਸ਼ਨ ’ਚ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਹੈ ਜਦਕਿ ਦੂਜੇ ਵਿੱਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਜਾਨ ਨੂੰ ਖ਼ਤਰਾ ਦੱਸਿਆ ਹੈ। ਇਸ ਤੋਂ ਇਲਾਵਾ ਉਸਨੇ ਇਹ ਵੀ ਕਿਹਾ ਹੈ ਕਿ ਉਹ ਜਦੋ ਵੀ ਮੁਹਾਲੀ ਆਵੇ ਤਾਂ ਏਅਰਪੋਰਟ ਤੋਂ ਲੈ ਕੇ ਤੈਅ ਥਾਂ ਤੱਕ ਜਾਣ ਦੇ ਲਈ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।